Chandigarh News: ਪੰਜਾਬ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਕਰੀਬ 9 ਸਾਲ ਪਹਿਲਾਂ ਸੂਬੇ ‘ਚ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ‘ਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਰਾਮ ਰਹੀਮ ਦੇ ਖਿਲਾਫ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ‘ਚ ਕੇਸ ਚਲਾਇਆ ਜਾਵੇਗਾ।
ਇਹ ਮਾਮਲਾ ਜੂਨ, 2015 ਵਿੱਚ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਇੱਕ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਤੋਂ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਸਤੰਬਰ ਮਹੀਨੇ ਫਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਪਵਿੱਤਰ ਗ੍ਰੰਥ ਦੇ ਖਿਲਾਫ ਹੱਥੀਂ ਬਣੇ ਅਪਵਿੱਤਰ ਪੋਸਟਰ ਲਗਾਏ ਗਏ। ਉਸੇ ਸਾਲ ਅਕਤੂਬਰ ਵਿੱਚ, ਬਰਗਾੜੀ ਵਿੱਚ ਇੱਕ ਗੁਰਦੁਆਰੇ ਨੇੜੇ ਪਵਿੱਤਰ ਗ੍ਰੰਥ ਦੇ ਕਈ ਫਟੇ ਹੋਏ ਅੰਗ (ਪੰਨੇ) ਖਿੱਲਰੇ ਹੋਏ ਮਿਲੇ। ਇਸ ਤੋਂ ਬਾਅਦ ਪੰਜਾਬ ਵਿਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋਏ। ਸੂਬਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਨਾਲ ਦੋ ਅੰਦੋਲਨਕਾਰੀ ਮਾਰੇ ਗਏ। ਇਸ ਸਮੇਂ ਦੌਰਾਨ ਪੰਜਾਬ ਵਿੱਚ ਸਮਾਜਿਕ ਅਤੇ ਸਿਆਸੀ ਅਸ਼ਾਂਤੀ ਹੋਰ ਵਧ ਗਈ।
ਪੰਜਾਬ ਸਰਕਾਰ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਰਾਮ ਰਹੀਮ ਦੇ ਖਿਲਾਫ ਪੰਜਾਬ ਦੇ ਫਰੀਦਕੋਟ ਦੀ ਅਦਾਲਤ ‘ਚ ਟ੍ਰਾਇਲ ਚੱਲੇਗਾ। ਗੁਰਮੀਤ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹਨ। ਪਿਛਲੇ ਹਫ਼ਤੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬੇਅਦਬੀ ਦੇ ਮਾਮਲਿਆਂ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਟੇਅ ਆਰਡਰ ਨੂੰ ਹਟਾ ਲਿਆ ਸੀ। ਨਾਲ ਹੀ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਸੀ।
ਕਾਂਗਰਸ ਨੇ ਇਹ ਮੁੱਦਾ ਉਠਾਇਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਸੀ ਕਿਉਂਕਿ ਉਹ ਗ੍ਰਹਿ ਵਿਭਾਗ ਦੇ ਮੁਖੀ ਹਨ। ਡੇਰਾਮੁਖੀ ਦੀ ਫਾਈਲ ਕਰੀਬ ਢਾਈ ਸਾਲਾਂ ਤੋਂ ਮੁੱਖ ਮੰਤਰੀ ਦਫ਼ਤਰ ਵਿੱਚ ਪਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਇਹ ਮਾਮਲਾ ਵਿਧਾਨ ਸਭਾ ਵਿੱਚ ਉਠਾ ਚੁੱਕੇ ਹਨ।
ਹਿੰਦੂਸਥਾਨ ਸਮਾਚਾਰ