Sri Amritsar Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਤੇ ਸਕੱਤਰ ਪ੍ਰਤਾਪ ਸਿੰਘ ਨੇ ਨਿਭਾਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਵਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੌਮ ਲਈ ਘਾਲਣਾ ਘਾਲਣ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦਿਆਂ ਸਿੱਖ ਸੰਸਥਾ ਵੱਲੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪਰਿਵਾਰਾਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ। ਇਸ ਮੌਕੇ ਚਾਰਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਹਿੰਦੂਸਥਾਨ ਸਮਾਚਾਰ