Pathankot News: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਕਿ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਸੂਬਾ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰਾਲੇ ਕਮੇਟੀ ਦੇ ਮੈਂਬਰ ਬਣੇ ਹਨ ਅਤੇ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਹੁਣ ਤੱਕ ਪੰਜਾਬ ਸਰਕਾਰ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕੇਂਦਰ ਤੋਂ ਕਿਸੇ ਵੀ ਤਰ੍ਹਾਂ ਦੇ ਅਤਿ-ਆਧੁਨਿਕ ਹਥਿਆਰਾਂ ਦੀ ਮੰਗ ਨਹੀਂ ਕੀਤੀ, ਜਿਨ੍ਹਾਂ ਰਾਹੀਂ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਤੇ ਗੈਂਗਸਟਰਵਾਦ ਨੂੰ ਨੱਥ ਪਾਈ ਜਾ ਸਕੇ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਏ ਦਿਨ ਸਰਹੱਦ ਪਾਰ ਤੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਜੇਕਰ ਪੰਜਾਬ ਸਰਕਾਰ ਇਨ੍ਹਾਂ ਹਥਿਆਰਾਂ ਦੀ ਮੰਗ ਕਰੇ ਤਾਂ ਪੰਜਾਬ ਦੇ ਬਾਰਡਰਾਂ ਤੇ ਸੁਰੱਖਿਆ ਵਿਵਸਥਾ ਹੋਰ ਮਜ਼ਬੂਤ ਹੋ ਸਕੇਗੀ। ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਪੰਜਾਬ ਦੀਆਂ ਜੇਲ੍ਹਾਂ ਵਿਚ ਵੀ ਕਈ ਤਰ੍ਹਾਂ ਦਾ ਸੁਧਾਰ ਹੋਵੇਗਾ। ਇਸ ਮੌਕੇ ਸੰਸਦ ਮੈਂਬਰ ਨੇ ਆਖਿਆ ਕਿ ਉਹ ਜਲਦੀ ਹੀ ਪਠਾਨਕੋਟ ਦੇ ਹਲਕਾ ਭੋਆ ਦੇ ਵਿਕਾਸ ਕਾਰਜਾਂ ਲਈ 40 ਲੱਖ ਰੁਪਏ ਦਾ ਫ਼ੰਡ ਜਾਰੀ ਕਰਵਾਉਣਗੇ।
ਹਿੰਦੂਸਥਾਨ ਸਮਾਚਾਰ