Mumbai News: ਫਿਲਮ ਅਭਿਨੇਤਾ ਸਲਮਾਨ ਖਾਨ ਨੂੰ ਇਕ ਵਾਰ ਫਿਰ 2 ਕਰੋੜ ਰੁਪਏ ਦੀ ਫਿਰੌਤੀ ਦੀ ਰਕਮ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਸ ਕੰਟਰੋਲ ਰੂਮ ‘ਚ ਇਹ ਧਮਕੀ ਭਰਿਆ ਸੰਦੇਸ਼ ਮਿਲਣ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੁਲਸ ਮੁਤਾਬਕ ਮੁੰਬਈ ਪੁਲਸ ਟ੍ਰੈਫਿਕ ਕੰਟਰੋਲ ਸੈੱਲ ਨੂੰ ਮੰਗਲਵਾਰ ਨੂੰ ਇਹ ਧਮਕੀ ਭਰਿਆ ਸੰਦੇਸ਼ ਮਿਲਿਆ, ਜਿਸ ਵਿੱਚ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੈਸੇ ਨਾ ਦੇਣ ‘ਤੇ ਸਲਮਾਨ ਖਾਨ ਨੂੰ ਮਾਰਨ ਦੀ ਗੱਲ ਆਖੀ ਗਈ ਹੈ। ਇਸ ਸਬੰਧੀ ਵਰਲੀ ਥਾਣੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 354 (2), 308 (4) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਲਮਾਨ ਖਾਨ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਕੁਝ ਮਹੀਨੇ ਪਹਿਲਾਂ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਹਵਾਈ ਫਾਇਰਿੰਗ ਹੋਈ ਸੀ। ਸ਼ੁੱਕਰਵਾਰ ਨੂੰ ਸਲਮਾਨ ਖਾਨ ਅਤੇ ਐਨਸੀਪੀ ਵਿਧਾਇਕ ਜੀਸ਼ਾਨ ਸਿੱਦੀਕੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਇਸ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸਲਮਾਨ ਖਾਨ ਨੂੰ ਮੰਗਲਵਾਰ ਨੂੰ ਫਿਰ ਤੋਂ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਲ ਟਰੇਸਿੰਗ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ