Sangrur News: ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਆਪਣੀ ਭਰਤੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਦਿਵਾਲੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਨੇੜੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਕਾਲੀ ਦੀਵਾਲੀ ਮਨਾਈ।
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਹਰਜਿੰਦਰ ਝੁਨੀਰ, ਹਰਜਿੰਦਰ ਬੁਢਲਾਡਾ, ਅਮਨਦੀਪ ਸੇਖਾ ਅਤੇ ਸੁਖਪਾਲ ਖ਼ਾਨ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਮੌਕੇ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਸੁਧਾਰ ਕਰਨ, ਭਰਤੀ ਕੈਲੰਡਰ ਲਾਗੂ ਕਰਕੇ ਹਰੇਕ ਸਾਲ ਭਰਤੀਆਂ ਕਰਨ, ਮਾਸਟਰ ਕੇਡਰ ਉੱਪਰ ਥੋਪੀ 55% ਦੀ ਬੇਤੁਕੀ ਸ਼ਰਤ ਰੱਦ ਕਰਨ, ਲੈਕਚਰਾਰ ਕੰਬੀਨੇਸ਼ਨ ਦਰੁਸਤ ਕਰਨ, ਆਰਟ ਐਂਡ ਕਰਾਫਟ ਦੀਆਂ 250 ਪੋਸਟਾਂ ਦਾ ਲਿਖਤੀ ਪੇਪਰ ਲੈਣ ਅਤੇ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਖ਼ਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਅਤੇ ਸਾਰੀਆਂ ਭਰਤੀਆਂ ਵਿੱਚ ਉਮਰ ਹੱਦ ਛੋਟ ਦੇਣ ਆਦਿ ਸਮੇਤ ਕੀਤੇ ਅਨੇਕਾਂ ਵਾਅਦੇ ਪੂਰੇ ਨਹੀਂ ਕੀਤੇ। ਉਹਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਅਨੇਕਾਂ ਵਾਰ ਮੀਟਿੰਗਾਂ ਦਾ ਲਾਰਾ ਦੇ ਕੇ ਹੁਣ ਤੱਕ ਬੇਰੁਜ਼ਗਾਰਾਂ ਨਾਲ ਇੱਕ ਵੀ ਪੈੱਨਲ ਮੀਟਿੰਗ ਨਹੀਂ ਕੀਤੀ। ਇਸ ਲਈ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਤੋਂ ਅੱਕੇ ਬੇਰੁਜ਼ਗਾਰਾਂ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਤੋਂ ਮਾਰਚ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਨੇੜੇ ਪੰਜਾਬ ਸਰਕਾਰ ਦੀ ਅਰਥੀ ਫੂਕੀ।
ਹਿੰਦੂਸਥਾਨ ਸਮਾਚਾਰ