ਸੋਰਠਿ ਮਹਲਾ ੫ ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥
ਸ਼ਨਿਚਰਵਾਰ, ੧੭ ਕੱਤਕ (ਸੰਮਤ ੫੫੬ ਨਾਨਕਸ਼ਾਹੀ) (ਅੰਗ: ੬੧੧)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
(ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕੋ੍ਰੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ ।੧।ਹੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੈ । (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ ।ਰਹਾਉ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ, ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ ।੨।ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖ਼ੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹ ਵਿਚ ਪਾਂਦੇ ਰਹੋ । ਹੇ ਭਾਈ! ਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ ।੩। ਹੇ ਭਾਈ! (ਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆ) ਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣ ਲਈ, (ਕੋ੍ਰੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ) ਪੂਰੀ ਤਾਕਤ ਪੈਦਾ ਹੋ ਜਾਂਦੀ ਹੈ । ਹੇ ਨਾਨਕ! ਗੁਰੂ ਦੀ ਇਹ ਅਜ਼ਮਤ ਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ ।੪।੧੧।
English Translation:
SORAT’H, FIFTH MEHL:
After taking your cleansing bath, remember your God in meditation, and your mind and body shall be free of disease. Millions of obstacles are removed, in the Sanctuary of God, and good fortune dawns. || 1 || The Word of God’s Bani, and His Shabad, are the best utterances. So constantly sing them, listen to them, and read them, O Siblings of Destiny, and the Perfect Guru shall save you. || Pause || The glorious greatness of the True Lord is immeasurable; the Merciful Lord is the Lover of His devotees. He has preserved the honor of His Saints; from the very beginning of time, His Nature is to cherish them. || 2 || So eat the Ambrosial Name of the Lord as your food; put it into your mouth at all times. The pains of old age and death shall all depart, when you constantly sing the Glorious Praises of the Lord of the Universe. || 3 || My Lord and Master has heard my prayer, and all my affairs have been resolved. The glorious greatness of Guru Nanak is manifest, throughout all the ages. || 4 || 11 ||
Saturday, 17th Katak (Samvat 556 Nanakshahi) (Page: 611)