Hoshiarpur News: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਜ਼ਿਲ੍ਹੇ ਵਿਚ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਟੀਮਾਂ ਵਲੋਂ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਦੀਪਇੰਦਰ ਸਿੰਘ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਜਿਸ ਲਈ ਕਿਸਾਨਾਂ ਵਲੋਂ ਡੀ.ਏ.ਪੀ. ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਲਦ ਦੇ ਰੂਪ ਵਿਚ ਕਿਸਾਨ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਟ੍ਰਿਪਲ ਸੁਪਰ ਫਾਸਫੇਟ ਵਿਚ ਵੀ ਡੀ.ਏ.ਪੀ. ਦੀ ਤਰ੍ਹਾਂ 46 ਫੀਸਦੀ ਫਾਸਫੋਰਸ ਤੱਤ ਹੁੰਦੇ ਹਨ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1300 ਰੁਪਏ ਹੈ ਜਦ ਕਿ ਡੀ.ਏ.ਪੀ. ਦੀ ਕੀਮਤ ਪ੍ਰਤੀ ਬੈਗ 1350 ਰੁਪਏ ਹਨ। ਇਸ ਤੋਂ ਇਲਾਵਾ ਬਾਜ਼ਾਰ ਵਿਚ ਉਪਲਬੱਧ ਹੋਰ ਫਾਸਫੇਟਿਕ ਖਾਦਾਂ ਵੀ ਇਸਤੇਮਾਲ ਕੀਤੀ ਜਾ ਸਕਦੀ ਹੈ।
ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ ਪੁਆਇੰਟ ਆਫ਼ ਸੇਲਸ (ਪੀ.ਓ.ਐਸ) ਮਸ਼ੀਨਾਂ ਵਿਚ ਉਪਲਬੱਧ ਕੀਤੇ ਗਏ ਖਾਦ ਦਾ ਸਟਾਕ ਨਿਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਪੀ.ਓ.ਐਸ.ਮਸ਼ੀਨਾਂ ਅਤੇ ਦੁਕਾਨਾਂ ’ਤੇ ਉਪਲਬੱਧ ਖਾਦ ਦਾ ਸਟਾਕ ਇਕ ਸਮਾਨ ਹੋਵੇ ਤਾਂ ਜੋ ਲੋੜ ਅਨੁਸਾਰ ਕੇਂਦਰ ਸਰਕਾਰ ਤੋਂ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਸਾਰੇ ਡੀਲਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੇ ਲਾਈਸੈਂਸ ਅਤੇ ਜ਼ਰੂਰੀ ਦਸਤਾਵੇਜ ਪੂਰੇ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ। ਉਨ੍ਹਾਂ ਕਿਹਾ ਕਿ ਡੀਲਰਾਂ ਵਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਵੇਚੀ ਜਾਂਦੀ ਹੈ ਉਸ ਦਾ ਬਿੱਲ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵੇਚੀ ਜਾਵੇ ਅਤੇ ਕਿਸਾਨਾਂ ਨੂੰ ਬੇਲੋੜੀਆਂ ਵਸਤਾਂ ਨਾ ਦਿੱਤੀਆਂ ਜਾਣ।
ਹਿੰਦੂਸਥਾਨ ਸਮਾਚਾਰ