Bathinda News: ਬਠਿੰਡਾ ਜ਼ਿਲ੍ਹੇ ਦੀਆਂ ਜ਼ੀਰੋ ਫੀਸਦੀ ਪਰਾਲੀ ਨਾ ਸੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਹਾਜ਼ਰ ਰਹੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਵਾਲੇ ਜ਼ਿਲ੍ਹੇ ਦੇ ਸੂਝਵਾਨ ਕਿਸਾਨਾਂ ਦੀ ਸ਼ਲਾਘਾ ਕੀਤੀ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਤੋਂ ਸੇਧ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਦੇ ਨਾਲ ਜਿੱਥੇ ਉਹ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ, ਉਥੇ ਹੀ ਉਹ ਆਪਣੀ ਫਸਲ ਦੇ ਝਾੜ ਵਿੱਚ ਮੁਨਾਫਾ ਵੀ ਕਰਨਗੇ।ਇਸ ਮੌਕੇ ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਮੁਹਈਆ ਕਰਵਾਈਆਂ ਜਾਣ ਵਾਲੀ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨੀ ਲਾਜ਼ਮੀ ਬਣਾਉਣ ਅਤੇ ਵਾਤਾਵਰਨ ਦੀ ਸ਼ੁੱਧਤਾ ਅਤੇ ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈ ਜਰੂਰ ਸੋਚਣ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੇ ਤਰ੍ਹਾਂ ਦੀ ਆਧੁਨਿਕ ਮਸ਼ੀਨਰੀ ਵੀ ਉਪਲਬਧ ਹੈ, ਜਿਸ ਕਿਸੇ ਵੀ ਕਿਸਾਨ ਨੂੰ ਲੋੜ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਲੈ ਸਕਦਾ ਹੈ।
ਹਿੰਦੂਸਥਾਨ ਸਮਾਚਾਰ