New Delhi: ਕੈਨੇਡਾ ‘ਚ ਹਿੰਦੂ ਮੰਦਰਾਂ ‘ਤੇ ਹਾਲ ਹੀ ‘ਚ ਹੋਏ ਹਮਲਿਆਂ ਖਿਲਾਫ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਭਾਰਤੀ ਸਿੱਖ ਅਤੇ ਹਿੰਦੂ ਭਾਈਚਾਰੇ ਨੇ ਦਿੱਲੀ ਦੇ ਚਾਣਕਿਆਪੁਰੀ ਸਥਿਤ ਕੈਨੇਡੀਅਨ ਅੰਬੈਸੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰਾਂ ਨੇ ਪ੍ਰਦਰਸ਼ਨ ਦੀ ਅਗਵਾਈ ਕੀਤੀ, ਜਿਸ ਵਿਚ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਇਕਜੁੱਟ ਹੋਏ। ਇਸ ਪ੍ਰਦਰਸ਼ਨ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਦਿਆਂ ਦੂਤਾਵਾਸ ਦੇ ਆਲੇ-ਦੁਆਲੇ ਸਖ਼ਤ ਪ੍ਰਬੰਧ ਕੀਤੇ ਸਨ।
ਹਿੰਦੂ ਸਿੱਖ ਗਲੋਬਲ ਫੋਰਮ ਦੇ ਪ੍ਰਧਾਨ ਤਰਵਿੰਦਰ ਸਿੰਘ ਮਰਵਾਹ ਨੇ ਕਿਹਾ ਕਿ ਕੈਨੇਡਾ ਵਿਚ ਮੰਦਰਾਂ ‘ਤੇ ਹੋਏ ਹਮਲੇ ਧਾਰਮਿਕ ਅਸਹਿਣਸ਼ੀਲਤਾ ਅਤੇ ਕੱਟੜਤਾ ਦਾ ਪ੍ਰਤੀਕ ਹਨ। ਉਨ੍ਹਾਂ ਕੈਨੇਡਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ‘ਤੇ ਸਖ਼ਤ ਕਾਰਵਾਈ ਕਰਨ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ”ਅੱਤਵਾਦ ‘ਚ ਪੂਰੀ ਪੀੜ੍ਹੀ ਤਬਾਹ ਹੋ ਗਈ, ਹੁਣ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ੇ ‘ਚ ਡੋਬ ਕੇ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਮੰਦਰਾਂ ‘ਤੇ ਹਮਲੇ ਸ਼ੁਰੂ ਹੋ ਗਏ ਹਨ, ਜੋ ਕਿਸੇ ਵੀ ਹਾਲਤ ‘ਚ ਮਨਜ਼ੂਰ ਨਹੀਂ ਹੈ।”
ਮਰਵਾਹ ਨੇ ਸਪੱਸ਼ਟ ਕੀਤਾ ਕਿ ਸਿੱਖ ਕੌਮ ਕੱਟੜਪੰਥੀ ਵੱਖਵਾਦੀ ਵਿਚਾਰਧਾਰਾ ਦਾ ਸਮਰਥਨ ਨਹੀਂ ਕਰਦੀ ਅਤੇ ਸਿੱਖ ਧਰਮ ਦਾ ਅਜਿਹੇ ਫੁੱਟ ਪਾਊ ਵਿਚਾਰਾਂ ਨਾਲ ਕੋਈ ਸਬੰਧ ਨਹੀਂ ਹੈ। ਉਹਨਾਂ ਕਿਹਾ, “ਇੱਕ ਸੱਚਾ ਸਿੱਖ ਕਦੇ ਕੱਟੜਪੰਥੀ ਵੱਖਵਾਦੀ ਨਹੀਂ ਬਣ ਸਕਦਾ। ਅਸੀਂ ਤਿਰੰਗੇ ਦਾ ਸਨਮਾਨ ਕਰਦੇ ਹਾਂ ਅਤੇ ਭਾਰਤ ਨਾਲ ਆਪਣੇ ਸਬੰਧਾਂ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।
ਦਿੱਲੀ ਪੁਲਸ ਦਾ ਬਿਆਨ
ਪ੍ਰਦਰਸ਼ਨ ਦੇ ਮੱਦੇਨਜ਼ਰ ਕੈਨੇਡੀਅਨ ਹਾਈ ਕਮਿਸ਼ਨ ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਦਿੱਲੀ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਅਤੇ ਅਮਨ-ਕਾਨੂੰਨ ਨੂੰ ਵਿਗੜਨ ਤੋਂ ਰੋਕਣ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, “ਅਸੀਂ ਵਾਧੂ ਪੁਲਿਸ ਬਲ ਤੈਨਾਤ ਕਰ ਦਿੱਤੇ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਕੈਨੇਡਾ ਵਿੱਚ ਹਿੰਦੂ ਮੰਦਰਾਂ ਵਿੱਚ ਹੋਈਆਂ ਹਿੰਸਕ ਘਟਨਾਵਾਂ, ਖਾਸ ਕਰਕੇ 4 ਨਵੰਬਰ ਨੂੰ ਬਰੈਂਪਟਨ ਵਿੱਚ ਇੱਕ ਮੰਦਰ ਉੱਤੇ ਹੋਏ ਹਮਲੇ ਤੋਂ ਬਾਅਦ ਹਾਲ ਹੀ ਦੇ ਮਹੀਨਿਆਂ ਵਿੱਚ ਭਾਰਤੀ ਭਾਈਚਾਰੇ ਵਿੱਚ ਅਸੰਤੁਸ਼ਟੀ ਵਧ ਰਹੀ ਹੈ।