Malerkorla News: ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ 581 ਕਰੋੜ 34 ਲੱਖ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,17,412 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 2,98,440 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ 47 ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਬੀਤੇ ਦਿਨ ਕੁਲ ਆਮਦ ਤੋਂ ਜਿਆਦਾ 16008 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ ਹੁਣ ਤੱਕ ਸਮੁੱਚੀਆਂ ਮੰਡੀਆਂ ਵਿੱਚੋਂ 1,75,046 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ, ਜਿਸ ਸਬੰਧੀ ਅਧਿਕਾਰੀਆਂ ਨੂੰ ਸਮੇਂ-ਸਮੇਂ ‘ਤੇ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ।
ਡਾ ਪੱਲਵੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿੱਚ ਦੇਰੀ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਬੰਧਿਤ ਐਸ.ਡੀ.ਐਮਜ਼ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਤੇ ਬਾਰੀਕੀ ਨਾਲ ਨਜ਼ਰ ਰੱਖਣ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ ਕੋਈ ਕਮੀ ਨਹੀਂ ਰਹਿਣ ਦੇਵੇਗਾ।
ਹਿੰਦੂਸਥਾਨ ਸਮਾਚਾਰ