New Delhi: ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਗਿਰੀਡੀਹ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਸੂਬੇ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ‘ਤੇ ਭਰੋਸਾ ਪ੍ਰਗਟਾਉਂਦੇ ਹੋਏ ਭਾਜਪਾ ਦੇ ਹੱਕ ‘ਚ ਭਾਰੀ ਵੋਟਾਂ ਪਾਈਆਂ ਹਨ। ਜਿਸ ਕਾਰਨ ਇਹ ਤੈਅ ਹੋ ਗਿਆ ਸੀ ਕਿ ਝਾਰਖੰਡ ਵਿੱਚ ਅਗਲੀ ਸਰਕਾਰ ਐਨਡੀਏ ਦੀ ਹੀ ਬਣਨ ਜਾ ਰਹੀ ਹੈ।
ਉਨ੍ਹਾਂ ਜਨਤਾ ਨੂੰ ਇਸ ਵਾਰ ਝਾਰਖੰਡ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਝਾਰਖੰਡ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜੇਐਮਐਮ, ਕਾਂਗਰਸ ਅਤੇ ਆਰਜੇਡੀ ਗਠਜੋੜ ਝਾਰਖੰਡ ਨੂੰ ਏਟੀਐਮ ਦਾ ਸਰੋਤ ਮੰਨਦੇ ਹਨ, ਜਦਕਿ ਭਾਰਤੀ ਜਨਤਾ ਪਾਰਟੀ, ਆਲ ਝਾਰਖੰਡ ਸਟੂਡੈਂਟਸ ਯੂਨੀਅਨ ਅਤੇ ਸਾਥੀ ਪਾਰਟੀਆਂ ਝਾਰਖੰਡ ਨੂੰ ਖੁਸ਼ਹਾਲ ਸੂਬਾ ਬਣਾਉਣਾ ਚਾਹੁੰਦੀਆਂ ਹਨ।
ਝਾਰਖੰਡ ਵਿੱਚ ਬੰਗਲਾਦੇਸ਼ੀ ਘੁਸਪੈਠੀਆਂ ਬਾਰੇ ਉਨ੍ਹਾਂ ਕਿਹਾ ਕਿ ਝਾਰਖੰਡ ਵਿੱਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਇਸ ਸਬੰਧੀ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਝਾਰਖੰਡ ਵਿੱਚ ਵੀ ਕਾਂਗਰਸ ਦਾ ਉਹ ਹਾਲ ਹੋਣ ਜਾ ਰਿਹਾ ਹੈ ਜਿਵੇਂ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਹੋਇਆ ਹੈ। ਜੰਮੂ-ਕਸ਼ਮੀਰ ‘ਚ ਧਾਰਾ 370 ਦੀ ਵਾਪਸੀ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਵੀ ਹੁਣ ਇਸ ਨੂੰ ਵਾਪਸ ਨਹੀਂ ਲਿਆ ਸਕਦੀਆਂ। ਉਨ੍ਹਾਂ ਕਿਹਾ ਕਿ ਵਕਫ਼ ਬੋਰਡ ਕਾਨੂੰਨ ਨੂੰ ਸੰਸਦ ਵਿੱਚ ਲਿਆਉਣਾ ਸਾਡੀ ਸਰਕਾਰ ਦਾ ਸੰਕਲਪ ਹੈ।
ਹਿੰਦੂਸਥਾਨ ਸਮਾਚਾਰ