Amritsar News: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।
ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਅਕਾਲੀ ਆਗੂ ਇਕਬਾਲ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ