Chandigarh News: ਚੰਡੀਗੜ੍ਹ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਇਸ ਵਿਚ ਉਨ੍ਹਾਂ ਚੰਡੀਗੜ੍ਹ ’ਤੇ ਪੰਜਾਬ ਦੇ ਜਾਇਜ਼ ਦਾਅਵੇ ਨੂੰ ਸਵੀਕਾਰ ਕਰਨ ਅਤੇ ਸੂਬੇ ਨਾਲ ਲੰਮੇ ਸਮੇਂ ਤੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਸੱਦਾ ਦਿੱਤਾ ਹੈ। ਬਾਜਵਾ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਹਰਿਆਣਾ ਨੂੰ ਆਪਣੇ ਨਾਲ ਜੋੜਨ ਦਾ ਹਰ ਕਦਮ ਪੰਜਾਬ ਨਾਲ ਕੀਤੇ ਵਾਅਦਿਆਂ ਦੀ ਪਵਿੱਤਰਤਾ ਨੂੰ ਢਾਹ ਲਾ ਰਿਹਾ ਹੈ ਅਤੇ ਆਪਸੀ ਸਨਮਾਨ ਦੀ ਸੰਘੀ ਭਾਵਨਾ ਨੂੰ ਕਮਜ਼ੋਰ ਕਰ ਰਿਹਾ ਹੈ।
ਬਾਜਵਾ ਨੇ ਲਿਖਿਆ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਬਹਾਲ ਕਰਨਾ ਨਾ ਸਿਰਫ਼ ਸਦਭਾਵਨਾ ਦਾ ਸੰਕੇਤ ਹੋਵੇਗਾ, ਸਗੋਂ ਮਾਣਯੋਗ ਵਾਅਦਿਆਂ ਅਤੇ ਆਪਸੀ ਸਤਿਕਾਰ ਦੇ ਬੰਧਨ ਵਿਚ ਵਿਸ਼ਵਾਸ ਨੂੰ ਵੀ ਤਾਜ਼ਾ ਕਰੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੁੱਦੇ ’ਤੇ ਅੱਗੇ ਆਉਣਗੇ ਅਤੇ ਚੰਡੀਗੜ੍ਹ ’ਤੇ ਪੰਜਾਬ ਦਾ ਵਿਸ਼ੇਸ਼ ਅਧਿਕਾਰ ਬਹਾਲ ਕਰਕੇ ਪੰਜਾਬ ਦੀ ਵਿਰਾਸਤ ਦਾ ਸਨਮਾਨ ਕਰਨਗੇ।
ਹਿੰਦੂਸਥਾਨ ਸਮਾਚਾਰ