SAS Nagar, Mohali: ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ 19 ਨਵੰਬਰ ਨੂੰ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਅਹੁਦੇ ਦੀ ਸਹੁੰ ਚੁਕਵਾਈ ਜਾਵੇਗੀ, ਜਿਸ ਦੌਰਾਨ ਜ਼ਿਲ੍ਹੇ ਦੇ ਚਾਰ ਬਲਾਕਾਂ ਦੇ 1924 ਪੰਚ ਮੋਹਾਲੀ ਦੇ ਓਪਨ ਗਰਾਊਂਡ (ਸਰਸ ਮੇਲਾ ਗਰਾਊਂਡ), ਸੈਕਟਰ 88 (ਨੇੜੇ ਮਾਨਵ ਮੈਂਗਲ ਸਕੂਲ) ਵਿਖੇ ਆਪਣੇ ਅਹੁਦੇ ਦਾ ਹਲਫ਼ ਲੈਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਦੀ ਅਗਵਾਈ ‘ਚ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਰੇਕ ਬਲਾਕ ਦੇ ਪੰਚਾਂ ਲਈ ਬੈਠਣ ਲਈ ਵੱਖਰਾ ਬਲਾਕ ਬਣਾਇਆ ਜਾਵੇਗਾ। ਸਮਾਗਮ ਦੌਰਾਨ ਮੋਹਾਲੀ, ਡੇਰਾਬੱਸੀ, ਮਾਜਰੀ ਅਤੇ ਖਰੜ ਦੇ 1924 ਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪ੍ਰਸ਼ਾਸਨ ਵੱਲੋਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਾਰਕਿੰਗ, ਮੈਡੀਕਲ ਟੀਮਾਂ ਅਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਕ ਮੀਟਿੰਗ ਪਹਿਲਾਂ ਹੀ ਸਮਾਗਮ ਸਥਾਨ ਤੇ ਕੀਤੀ ਜਾ ਚੁੱਕੀ ਹੈ, ਜਿਸ ‘ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਕਮਿਸ਼ਨਰ, ਨਗਰ ਨਿਗਮ ਦੀਪਾਂਕਰ ਗਰਗ, ਐਸ.ਡੀ.ਐਮ ਮੋਹਾਲੀ ਦਮਨਦੀਪ ਕੌਰ, ਐਸ.ਡੀ.ਐਮ.ਡੇਰਾਬਸੀ ਅਮਿਤ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਬਲਜਿੰਦਰ ਸਿੰਘ ਗਰੇਵਾਲ, ਤਹਿਸੀਲਦਾਰ ਮੋਹਾਲੀ ਅਰਜਨ ਸਿੰਘ ਗਰੇਵਾਲ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਅਨੁਸਾਰ ਤਿਆਰੀਆਂ ਦੀ ਸਮੀਖਿਆ ਲਈ ਕੱਲ੍ਹ ਦੁਪਹਿਰ ਇੱਕ ਵਜੇ ਮੀਟਿੰਗ ਰੱਖੀ ਗਈ ਹੈ ਤਾਂ ਜੋ ਸਮਾਗਮ ਦੌਰਾਨ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ।
ਹਿੰਦੂਸਥਾਨ ਸਮਾਚਾਰ