Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਇਹ ਮੁੱਦਾ ਰਾਸ਼ਟਰਪਤੀ ਅੱਗੇ ਰੱਖਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਫਾਂਸੀ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਰਾਸ਼ਟਰਪਤੀ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਹਨ। ਇਸ ‘ਤੇ ਦੋ ਹਫ਼ਤਿਆਂ ਦੇ ਅੰਦਰ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਹੈ। ਹੁਣ ਇਸ ਕੇਸ ਦਾ ਫੈਸਲਾ 5 ਦਸੰਬਰ ਨੂੰ ਆ ਸਕਦਾ ਹੈ।
ਸੋਮਵਾਰ 18 ਨਵੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਸ ਮੁੱਦੇ ‘ਤੇ ਫੈਸਲਾ ਸੁਣਾਇਆ ਹੈ। ਪਿਛਲੀ ਸੁਣਵਾਈ ਤੋਂ ਲੈ ਕੇ ਅੱਜ ਦੀ ਸੁਣਵਾਈ ਤੱਕ ਕੇਂਦਰ ਸਰਕਾਰ ਵੱਲੋਂ ਜਵਾਬ ਦਾਖ਼ਲ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਰਾਜੋਆਣਾ ਪਟੀਸ਼ਨ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰ ਰਹੇ ਹਨ। ਪਟੀਸ਼ਨ ‘ਚ ਦਲੀਲ ਦਿੱਤੀ ਗਈ ਸੀ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਕਾਫੀ ਦੇਰੀ ਕੀਤੀ ਹੈ।
ਦਸ ਦਇਏ ਕਿ 31 ਅਗਸਤ 1995 ਨੂੰ ਪੰਜਾਬ ਦੇ ਤਤਕਾਲੀ ਸਾਬਕਾ ਸੀਐਮ ਬੇਅੰਤ ਸਿੰਘ ਦੀ ਹਤਿਆ ਕੀਤੀ ਗਈ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਤੇ ਪੰਜਾਬ ਪੁਲਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ। ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਹੀ ਕੀਤਾ ਜਾਣਾ ਸੀ। ਜਿਸ ਦੇ ਤਹਿਤ ਕੋਰਟ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।