Punjab News: ਪੰਜਾਬ ਸੂਬੇ ‘ਚ ਭਲਕੇ ਜ਼ਿਮਨੀ ਚੋਣਾਂ ਲਈ ਵੋਟਾਂ ਪੈਣੀਆਂ ਹਨ, ਮੁੱਖ ਤੌਰ ‘ਤੇ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲਿਆਂ ‘ਚ 20 ਨਵੰਬਰ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਅਪਲਾਈ ਕਰ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।