New Delhi: ਮਣੀਪੁਰ ਹਿੰਸਾ ਮਾਮਲੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਰਾਸ਼ਟਰਪਤੀ ਨੂੰ ਲਿਖੇ ਪੱਤਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਵੀ ਕਾਂਗਰਸ ਪ੍ਰਧਾਨ ਨੂੰ ਪੱਤਰ ਲਿਖਿਆ ਹੈ।
ਨੱਡਾ ਨੇ ਪੱਤਰ ‘ਚ ਲਿਖਿਆ ਹੈ ਕਿ ‘ਮਣੀਪੁਰ ‘ਚ ਸਥਿਤੀ ਨੂੰ ਸਨਸਨੀਖੇਜ਼ ਬਣਾਉਣ ਦੀ ਕਾਂਗਰਸ ਵੱਲੋਂ ਵਾਰ-ਵਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹਾ ਲੱਲਦਾ ਹੈ ਕਿ ਤੁਸੀਂ ਭੁੱਲ ਗਏ ਹੋ ਕਿ ਤੁਹਾਡੀ ਸਰਕਾਰ ਨੇ ਨਾ ਸਿਰਫ਼ ਵਿਦੇਸ਼ੀ ਖਾੜਕੂਆਂ ਦੇ ਭਾਰਤ ਵਿੱਚ ਗੈਰ-ਕਾਨੂੰਨੀ ਪ੍ਰਵਾਸ ਨੂੰ ਜਾਇਜ਼ ਬਣਾਇਆ, ਸਗੋਂ ਤਤਕਾਲੀ ਗ੍ਰਹਿ ਮੰਤਰੀ ਚਿਦੰਬਰਮ ਨੇ ਉਨ੍ਹਾਂ ਨਾਲ ਸੰਧੀਆਂ ‘ਤੇ ਦਸਤਖਤ ਕੀਤੇ ਸਨ। ਇਸ ਤੋਂ ਇਲਾਵਾ, ਗ੍ਰਿਫਤਾਰੀ ਤੋਂ ਬਚਣ ਲਈ ਆਪਣੇ ਦੇਸ਼ ਤੋਂ ਭੱਜਣ ਵਾਲੇ ਇਨ੍ਹਾਂ ਜਾਣੇ-ਪਛਾਣੇ ਖਾੜਕੂ ਨੇਤਾਵਾਂ ਨੇ ਉਨ੍ਹਾਂ ਦੇ ਅਸਥਿਰ ਕਰਨ ਦੇ ਯਤਨਾਂ ਨੂੰ ਜਾਰੀ ਰੱਖਣ ਲਈ ਪੂਰੇ ਦਿਲ ਨਾਲ ਸਮਰਥਨ ਕੀਤਾ ਅਤੇ ਉਤਸ਼ਾਹਿਤ ਕੀਤਾ। ਕਾਂਗਰਸ ਦੇ ਉਲਟ ਸਾਡੀ ਸਰਕਾਰ ਕਿਸੇ ਵੀ ਕੀਮਤ ‘ਤੇ ਅਜਿਹਾ ਨਹੀਂ ਹੋਣ ਦੇਵੇਗੀ।
ਉਨ੍ਹਾਂ ਕਿਹਾ ਕਿ ਇਹ ਸੱਚਮੁੱਚ ਚਿੰਤਾਜਨਕ ਹੈ ਕਿ ਕਾਂਗਰਸ ਨੇਤਾ ਭਾਰਤ ਦੀ ਤਰੱਕੀ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੀਆਂ ਵਿਦੇਸ਼ੀ ਸ਼ਕਤੀਆਂ ਦੇ ਗਠਜੋੜ ਦਾ ਸਮਰਥਨ ਅਤੇ ਹੱਲਾਸ਼ੇਰੀ ਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਡੀਆਂ ਸਰਕਾਰਾਂ ਅਸਲ ਵਿੱਚ ਬੇਮਿਸਾਲ ਸੰਪਰਕ ਦੀ ਬਦੌਲਤ ਉੱਤਰ-ਪੂਰਬ ਦੇ ਲੋਕਾਂ ਨੂੰ ਨੇੜੇ ਲਿਆ ਰਹੀਆਂ ਹਨ। ਇਕੱਲੇ ਮਣੀਪੁਰ ਵਿੱਚ, ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਦੀ ਪ੍ਰਤੀਸ਼ਤਤਾ 2013 ਵਿੱਚ 20 ਪ੍ਰਤੀਸ਼ਤ ਤੋਂ ਘਟ ਕੇ 2022 ਵਿੱਚ 5 ਪ੍ਰਤੀਸ਼ਤ ਰਹਿਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਮਣੀਪੁਰ ਦੇ ਮਾਮਲੇ ‘ਚ ਤੁਰੰਤ ਦਖਲ ਦੇਣ ਦੀ ਬੇਨਤੀ ਕੀਤੀ ਸੀ ਤਾਂ ਜੋ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ‘ਤੇ ਹਿੰਸਾ ਨੂੰ ਰੋਕਣ ਅਤੇ ਆਮ ਸਥਿਤੀ ਨੂੰ ਬਹਾਲ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹਿਣ ਦਾ ਦੋਸ਼ ਵੀ ਲਗਾਇਆ ਅਤੇ ਦਾਅਵਾ ਕੀਤਾ ਕਿ ਰਾਜ ਦੇ ਲੋਕਾਂ ਦਾ ਹੁਣ ਦੋਵਾਂ ਸਰਕਾਰਾਂ ਤੋਂ ਵਿਸ਼ਵਾਸ ਉੱਠ ਗਿਆ ਹੈ।
ਹਿੰਦੂਸਥਾਨ ਸਮਾਚਾਰ