Chandigarh News: ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਸੋਮਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸੁੱਟਣ ਵਾਲੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ।
ਚਸ਼ਮਦੀਦਾਂ ਮੁਤਾਬਕ ਵਿਸਫੋਟਕ ਸੁੱਟਣ ਵਾਲੇ ਬਾਈਕ ਸਵਾਰ ਸਨ। ਧਮਾਕੇ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮੱਚ ਗਈ। ਪੁਲਸ ਨੂੰ ਸੂਚਨਾ ਮਿਲਦੇ ਹੀ ਐੱਸਐੱਸਪੀ ਸਮੇਤ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ।
ਹਾਲਾਂਕਿ ਇਨ੍ਹਾਂ ਧਮਾਕਿਆਂ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ ਪਰ ਦੋਵੇਂ ਕਲੱਬਾਂ ਦੇ ਬਾਹਰ ਖੜ੍ਹੇ ਵਾਹਨਾਂ ਅਤੇ ਖਿੜਕੀਆਂ ਦੇ ਸ਼ੀਸ਼ੇ ਨੁਕਸਾਨੇ ਗਏ ਹਨ। ਪੁਲਿਸ ਨੇ ਘਟਨਾ ਵਾਲੀ ਥਾਂ ਨੂੰ ਘੇਰ ਲਿਆ ਹੈ ਅਤੇ ਫੋਰੈਂਸਿਕ ਟੀਮ ਜਾਂਚ ਵਿੱਚ ਲੱਗੀ ਹੋਈ ਹੈ।
ਘਟਨਾ ਤੋਂ ਬਾਅਦ ਸੈਕਟਰ-26 ਅਤੇ ਆਸਪਾਸ ਦੇ ਇਲਾਕਿਆਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਸਥਾਨਕ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਹੈ।