New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਆਯੋਜਿਤ ਸੰਵਿਧਾਨ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ। ਇਹ ਸਮਾਰੋਹ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੇ 75 ਸਾਲ ਪੂਰੇ ਹੋਣ ਦੇ ਅਹਿਮ ਮੌਕੇ ‘ਤੇ ਸੁਪਰੀਮ ਕੋਰਟ ਕੰਪਲੈਕਸ ‘ਚ ਆਯੋਜਿਤ ਕੀਤਾ ਜਾਵੇਗਾ। ਭਾਰਤ ਸਰਕਾਰ ਦੇ ਪ੍ਰੈੱਸ ਅਤੇ ਸੂਚਨਾ ਬਿਊਰੋ (ਪੀ.ਆਈ.ਬੀ.) ਨੇ ਸਮਾਰੋਹ ਦੀ ਪੂਰਵ ਸੰਧਿਆ ‘ਤੇ ਜਾਰੀ ਰੀਲੀਜ਼ ਵਿਚ ਇਹ ਜਾਣਕਾਰੀ ਦਿੱਤੀ।
ਪੀਆਈਬੀ ਦੀ ਰਿਲੀਜ਼ ਅਨੁਸਾਰ ਪ੍ਰਧਾਨ ਮੰਤਰੀ ਸਮਾਰੋਹ ਵਿੱਚ ਹਿੱਸਾ ਲੈਣ ਲਈ ਸ਼ਾਮ ਕਰੀਬ 5 ਵਜੇ ਸੁਪਰੀਮ ਕੋਰਟ ਪਹੁੰਚਣਗੇ। ਇਹ ਸਮਾਰੋਹ ਸੁਪਰੀਮ ਕੋਰਟ ਦੇ ਪ੍ਰਬੰਧਕੀ ਭਵਨ ਕੰਪਲੈਕਸ ਦੇ ਆਡੀਟੋਰੀਅਮ ਵਿੱਚ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਇਸ ਮੌਕੇ ਭਾਰਤੀ ਨਿਆਂਪਾਲਿਕਾ ਦੀ ਸਾਲਾਨਾ ਰਿਪੋਰਟ (2023-24) ਜਾਰੀ ਕਰਨਗੇ। ਨਾਲ ਹੀ ਉਹ ਹਾਜ਼ਰ ਇਕੱਠ ਨੂੰ ਸੰਬੋਧਨ ਵੀ ਕਰਨਗੇ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਦੀ ਸਰਪ੍ਰਸਤੀ ਹੇਠ ਆਯੋਜਿਤ ਇਸ ਸਮਾਗਮ ਵਿੱਚ ਭਾਰਤ ਦੇ ਚੀਫ਼ ਜਸਟਿਸ ਅਤੇ ਸੁਪਰੀਮ ਕੋਰਟ ਦੇ ਹੋਰ ਜੱਜ ਵੀ ਹਾਜ਼ਰ ਰਹਿਣਗੇ।
ਦੋ ਸਾਲ, 11 ਮਹੀਨੇ ਅਤੇ 18 ਦਿਨਾਂ ਵਿੱਚ ਤਿਆਰ ਹੋਇਆ ਸੰਵਿਧਾਨ
ਦੇਸ਼ ਵਿੱਚ ਹਰ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਭਾਰਤ ਦਾ ਸੰਵਿਧਾਨ 1949 ਵਿੱਚ ਇਸ ਮਿਤੀ ਨੂੰ ਅਪਣਾਇਆ ਗਿਆ ਸੀ। 15 ਅਗਸਤ 1947 ਨੂੰ ਆਜ਼ਾਦੀ ਤੋਂ ਬਾਅਦ ਸੰਵਿਧਾਨ ਦੀ ਲੋੜ ਮਹਿਸੂਸ ਕੀਤੀ ਗਈ। ਸੰਵਿਧਾਨ ਨੂੰ ਤਿਆਰ ਕਰਨ ਵਿੱਚ ਦੋ ਸਾਲ, 11 ਮਹੀਨੇ ਅਤੇ 18 ਦਿਨ ਲੱਗੇ। ਭਾਰਤੀ ਗਣਰਾਜ ਦਾ ਸੰਵਿਧਾਨ 26 ਜਨਵਰੀ 1949 ਨੂੰ ਬਣ ਕੇ ਤਿਆਰ ਹੋ ਗਿਆ ਸੀ। ਇਸਨੂੰ ਅਧਿਕਾਰਤ ਤੌਰ ‘ਤੇ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ। ਇਸੇ ਲਈ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਇਸ ਲਈ 26 ਨਵੰਬਰ ਨੂੰ ਮਨਾਇਆ ਜਾਂਦਾ ਹੈ ਸੰਵਿਧਾਨ ਦਿਵਸ
ਸੰਵਿਧਾਨ ਨੂੰ ਅਣਅਧਿਕਾਰਤ ਤੌਰ ‘ਤੇ 26 ਨਵੰਬਰ ਨੂੰ ਲਾਗੂ ਕੀਤਾ ਗਿਆ ਸੀ ਕਿਉਂਕਿ ਇਸ ਦਿਨ ਸੰਵਿਧਾਨ ਨਿਰਮਾਤਾ ਕਮੇਟੀ ਦੇ ਸੀਨੀਅਰ ਮੈਂਬਰ ਡਾ. ਹਰੀ ਸਿੰਘ ਗੌੜ ਦਾ ਜਨਮ ਹੋਇਆ ਸੀ। ਪਹਿਲੀ ਵਾਰ ਸੰਵਿਧਾਨ ਦਿਵਸ 2015 ਤੋਂ ਮਨਾਇਆ ਗਿਆ। ਉਦੋਂ ਤੋਂ ਹਰ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਜਾਣੋ, 2015 ਤੋਂ ਹੀ ਸ਼ੁਰੂਆਤ ਹੋਈ ਕਿਉਂ
2015 ਵਿੱਚ ਸੰਵਿਧਾਨ ਦਿਵਸ ਮਨਾਉਣ ਦੀ ਸ਼ੁਰੂਆਤ ਕਰਨ ਦਾ ਵੀ ਇੱਕ ਵੱਡਾ ਕਾਰਨ ਹੈ। ਸਾਲ 2015 ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 125ਵੀਂ ਜਯੰਤੀ ਸੀ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ ਸੰਵਿਧਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਸੰਵਿਧਾਨ ਦੀ ਮਹੱਤਤਾ ਅਤੇ ਡਾ. ਅੰਬੇਡਕਰ ਦੇ ਵਿਚਾਰਾਂ ਦਾ ਪ੍ਰਚਾਰ ਕਰਨਾ ਹੈ। ਭਾਰਤੀ ਸੰਵਿਧਾਨ ਦੀ ਰਚਨਾ ਦਾ ਸਿਹਰਾ ਡਾ. ਅੰਬੇਡਕਰ ਨੂੰ ਦਿੱਤਾ ਜਾਂਦਾ ਹੈ। ਉਹ ਸੰਵਿਧਾਨ ਸਭਾ ਦੀ ਡਰਾਫਟ ਕਮੇਟੀ ਦੇ ਚੇਅਰਮੈਨ ਸਨ। ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਪਿਤਾਮਾ ਵੀ ਕਿਹਾ ਜਾਂਦਾ ਹੈ। ਸੰਵਿਧਾਨ ਸਭਾ ਦੇ 389 ਮੈਂਬਰ ਸਨ ਅਤੇ ਡਾ. ਰਾਜੇਂਦਰ ਪ੍ਰਸਾਦ ਇਸ ਦੇ ਪ੍ਰਧਾਨ ਸਨ।
ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ
ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ। ਇਸ ਵਿੱਚ 448 ਅਨੁਛੇਦ, 12 ਅਨੁਸੂਚੀਆਂ ਅਤੇ 25 ਭਾਗ ਹਨ। ਭਾਰਤੀ ਸੰਵਿਧਾਨ ਸੰਘਾਤਮਕ ਅਤੇ ਏਕਾਤਮਕ ਦੋਵੇਂ ਤਰ੍ਹਾਂ ਦਾ ਹੈ। ਸਾਡੇ ਸੰਵਿਧਾਨ ਵਿੱਚ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦਾ ਵੀ ਜ਼ਿਕਰ ਹੈ।
ਹਿੰਦੂਸਥਾਨ ਸਮਾਚਾਰ