Mohali News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 4 ਦਸੰਬਰ, 2024 ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ, ਇਹ ਜਾਣਕਾਰੀ ਇੱਥੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਿੱਤੀ। ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਲਾਜ਼ਾ ਵਿੱਚ ਮਹਾਨ ਆਜ਼ਾਦੀ ਘੁਲਾਟੀਏ ਅਤੇ ਰਾਸ਼ਟਰ ਦੇ ਨਾਇਕ ਸ. ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਮੁੱਖ ਆਕਰਸ਼ਣ ਦਾ ਕੇਂਦਰ ਹੋਵੇਗਾ ਜੋ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਏਗਾ।ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਨੂੰ ਪਲਾਜ਼ਾ ਦੇ ਉਦਘਾਟਨ ਲਈ ਤਿਆਰੀਆਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਸਮਾਗਮ ਨੂੰ ਸ਼ਾਨਦਾਰ ਬਣਾਉਣ ਲਈ ਸਾਰੇ ਵਿਭਾਗਾਂ ਦਰਮਿਆਨ ਸਹੀ ਤਾਲਮੇਲ ਹੋਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਲੋਕਾਂ ਦੇ ਆਉਣ-ਜਾਣ ਵਿਚ ਕੋਈ ਦਿੱਕਤ ਨਹੀਂ ਆਵੇਗੀ ਅਤੇ ਹਵਾਈ ਅੱਡਾ ਇਲਾਕੇ ਨੂੰ ਆਵਾਜਾਈ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਤੋਂ ਮੁਕਤ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ