New Delhi: ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਅੱਜ ਸਵੇਰੇ ਸਿਫ਼ਰ ਕਾਲ ਦੌਰਾਨ ਸੁਧਾਂਸ਼ੂ ਤ੍ਰਿਵੇਦੀ ਦੇ ਬਿਆਨ ਨੂੰ ਲੈ ਕੇ ਹੰਗਾਮਾ ਹੋਇਆ। ਇਸ ‘ਤੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਤ੍ਰਿਵੇਦੀ ਨੇ ਚੋਣਾਂ ਅਤੇ ਸੈਸ਼ਨ ਤੋਂ ਪਹਿਲਾਂ ਵਿਦੇਸ਼ੀ ਰਿਪੋਰਟਾਂ ‘ਤੇ ਸਵਾਲ ਉਠਾਏ। ਇਸ ‘ਤੇ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਅਖੀਰ ਚੇਅਰਮੈਨ ਨੇ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ।ਤ੍ਰਿਵੇਦੀ ਨੇ ਪਿਛਲੇ ਤਿੰਨ ਸਾਲਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਵਾਲਾ ਹੁੰਦਾ ਹੈ ਤਾਂ ਕੋਈ ਨਾ ਕੋਈ ਵਿਦੇਸ਼ੀ ਰਿਪੋਰਟ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਮਹਿਜ਼ ਇਤਫ਼ਾਕ ਨਹੀਂ ਹੈ। ਕੋਵਿਡ ਵੈਕਸੀਨ ਦੀ ਰਿਪੋਰਟ ਆਮ ਚੋਣਾਂ ਤੋਂ ਠੀਕ ਪਹਿਲਾਂ ਜਾਰੀ ਕੀਤੀ ਗਈ। 20 ਜੁਲਾਈ 2023 ਨੂੰ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਮਣੀਪੁਰ ਹਿੰਸਾ ਦਾ ਵੀਡੀਓ ਜਾਰੀ ਕੀਤਾ ਗਿਆ। ਹਿੰਡਨ ਬਰਗ ਦੀ ਰਿਪੋਰਟ ਬਜਟ ਸੈਸ਼ਨ ਤੋਂ ਪਹਿਲਾਂ ਜਾਰੀ ਕੀਤੀ ਗਈ। ਹੁਣ ਮੌਜੂਦਾ ਸੈਸ਼ਨ ਤੋਂ ਠੀਕ ਪਹਿਲਾਂ ਇਕ ਕਾਰੋਬਾਰੀ ਘਰਾਣੇ ‘ਤੇ ਅਦਾਲਤ ਦਾ ਹੁਕਮ ਆਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਭਾਰਤ ਨੂੰ ਆਪਣੇ ਅਧੀਨ ਕਰਨ ਦਾ ਸੁਪਨਾ ਦੇਖਦੇ ਹਨ, ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਹ ਨਰਿੰਦਰ ਮੋਦੀ ਦੀ ਅਗਵਾਈ ਵਾਲਾ ਭਾਰਤ ਹੈ। ਭਾਰਤ ਆਤਮ-ਸਨਮਾਨ ਨਾਲ ਅੱਗੇ ਵਧ ਰਿਹਾ ਹੈ। ਇਸ ‘ਤੇ ਚੇਅਰਮੈਨ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ। ਇਸ ਸਬੰਧੀ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ।
ਹਿੰਦੂਸਥਾਨ ਸਮਾਚਾਰ