Noida News: ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਸਖ਼ਤ ਰੁਖ ਤੋਂ ਬਾਅਦ ਨੋਇਡਾ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਜਿੱਥੇ ਬੁੱਧਵਾਰ ਸ਼ਾਮ ਨੂੰ 123 ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਸੀ, ਉੱਥੇ ਹੀ ਅੱਜ ਜ਼ੀਰੋ ਪੁਆਇੰਟ ’ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਦੀ ਕਾਰਵਾਈ ਕਾਰਨ ਕਿਸਾਨਾਂ ਅੰਦਰ ਭਾਰੀ ਰੋਸ ਹੈ। ਨੋਇਡਾ, ਗ੍ਰੇਟਰ ਨੋਇਡਾ ਅਤੇ ਯਮੁਨਾ ਐਕਸਪ੍ਰੈਸਵੇਅ ਅਥਾਰਟੀ ਨਾਲ ਸਬੰਧਤ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਅਧਿਕਾਰੀਆਂ ਵਿਚਾਲੇ ਕਈ ਦੌਰ ਦੀ ਗੱਲਬਾਤ ਬੇਸਿੱਟਾ ਰਹੀ।
ਸੋਮਵਾਰ ਨੂੰ ਕਿਸਾਨਾਂ ਨੇ ਵੱਡੀ ਗਿਣਤੀ ‘ਚ ਦਿੱਲੀ ਵੱਲ ਕੂਚ ਕੀਤਾ ਸੀ ਪਰ ਰਸਤੇ ‘ਚ ਹੀ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਅਧਿਕਾਰੀਆਂ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਹੋਈ ਜਿਸ ਵਿੱਚ ਕਿਸਾਨਾਂ ਨੇ ਪ੍ਰਸ਼ਾਸਨ ਨੂੰ 7 ਦਿਨਾਂ ਦਾ ਸਮਾਂ ਦਿੱਤਾ। ਜਦੋਂ ਇਨ੍ਹਾਂ ਸੱਤ ਦਿਨਾਂ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਗਿਆ। ਹਾਲਾਂਕਿ ਇੱਕ ਦਿਨ ਵੀ ਨਹੀਂ ਲੰਘਿਆ ਸੀ ਕਿ ਮੰਗਲਵਾਰ ਨੂੰ ਪੁਲਿਸ ਨੇ ਦਲਿਤ ਪ੍ਰੇਰਨਾ ਸਥਲ ‘ਤੇ ਅੰਦੋਲਨ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਲੁਕਸਰ ਜੇਲ੍ਹ ਭੇਜ ਦਿੱਤਾ ਸੀ। ਕਿਸਾਨਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਮੰਗਲਵਾਰ ਸ਼ਾਮ ਨੂੰ ਸਿਸੌਲੀ ਵਿੱਚ ਪੰਚਾਇਤ ਵੀ ਕੀਤੀ ਗਈ ਸੀ। ਪੰਚਾਇਤ ‘ਚ ਬੁੱਧਵਾਰ ਨੂੰ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ। ਕਈ ਜ਼ਿਲ੍ਹਿਆਂ ਦੇ ਕਿਸਾਨ ਸਵੇਰੇ ਹੀ ਰਵਾਨਾ ਹੋ ਗਏ ਪਰ ਪੁਲਿਸ ਨੇ ਬਹੁਤਿਆਂ ਨੂੰ ਰੋਕ ਲਿਆ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਵੀ ਸੈਂਕੜੇ ਕਿਸਾਨਾਂ ਨਾਲ ਧਰਨੇ ਵਾਲੀ ਥਾਂ ਲਈ ਰਵਾਨਾ ਹੋਏ ਪਰ ਟੱਪਲ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਬੁੱਧਵਾਰ ਨੂੰ ਕਿਸਾਨਾਂ ਨੇ ਜ਼ੀਰੋ ਪੁਆਇੰਟ ‘ਤੇ ਪੰਚਾਇਤ ਕੀਤੀ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਕੀਤੇ ਸਾਰੇ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਵਧਦੇ ਦਬਾਅ ਕਾਰਨ ਪੁਲਿਸ ਨੇ ਦੇਰ ਸ਼ਾਮ ਸਾਰੇ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਨੇ ਲਖਨਊ ਵਿੱਚ ਸਮੀਖਿਆ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਹਾਈ ਪਾਵਰ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਅਰਾਜਕਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਗਰੋਂ ਅੱਜ ਪੁਲਿਸ ਨੇ ਜ਼ੀਰੋ ਪੁਆਇੰਟ ’ਤੇ ਪਹੁੰਚ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾਕ੍ਰਮ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਹੈ।
ਹਿੰਦੂਸਥਾਨ ਸਮਾਚਾਰ