Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪੰਜਾਬ ਪੁਲਿਸ ਦੇ 2 ਏ. ਐਸ. ਆਈਜ਼. ਦੀ ਸਰਾਹਨਾ ਕੀਤੀ ਹੈ। ਗੌਰਤਲਬ ਹੈ ਕਿ ਏ. ਐਸ. ਆਈ. ਜਸਬੀਰ ਸਿੰਘ ਅਤੇ ਏ. ਐਸ. ਆਈ. ਹੀਰਾ ਸਿੰਘ, ਦੋਵੇਂ ਸੁਖਬੀਰ ਬਾਦਲ ਨਾਲ ਗੰਨਮੈਨ ਵਜੋਂ ਤਾਇਨਾਤ ਹਨ। ਸੁਖਬੀਰ ਬਾਦਲ ਨੇ ਉਨ੍ਹਾਂ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਖਤਰੇ ਵਿੱਚ ਪਾਉਣਾ ਆਸਾਨ ਗੱਲ ਨਹੀਂ ਹੈ।ਏ. ਐਸ. ਆਈ. ਜਸਬੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਤੋਂ ਸਾਡੇ ਪਰਿਵਾਰ ਦਾ ਹਿੱਸਾ ਰਹੇ ਹਨ। ਬੀਤੇ ਦਿਨ ਉਨ੍ਹਾਂ ਦੁਆਰਾ ਦਿਖਾਏ ਗਏ ਹੌਸਲੇ ਅਤੇ ਵਫ਼ਾਦਾਰੀ ਦਾ ਕਰਜ਼ ਮੈਂ ਅਤੇ ਮੇਰਾ ਪਰਿਵਾਰ ਕਦੇ ਨਹੀਂ ਚੁਕਾ ਸਕਦੇ। ਵਾਹਿਗੁਰੂ ਉਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਸਾਰੀਆਂ ਖੁਸ਼ੀਆਂ ਪ੍ਰਦਾਨ ਕਰਨ। ਜਿਕਰਯੋਗ ਹੈ ਕਿ ਪਿਛਲੇ ਦਿਨੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਧਾਰਮਿਕ ਸਜ਼ਾ ਨਿਭਾਉਣ ਦੇ ਦੌਰਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਇਆ ਸੀ। ਸੇਵਾ ਦੌਰਾਨ ਇਕ ਸ਼ਖਸ ਨੇ ਉਨ੍ਹਾਂ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਪੁਲਿਸ ਦੀ ਮੁਸਤੈਦੀ ਕਾਰਨ ਇਹ ਹਮਲਾ ਨਾਕਾਮ ਰਿਹਾ ਅਤੇ ਹਮਲਾਵਰ ਨਾਰਾਇਣ ਸਿੰਘ ਚੌੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਹਿੰਦੂਸਥਾਨ ਸਮਾਚਾਰ