Bangalore News: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਦੇਸ਼ ਦੇ ਸਾਬਕਾ ਵਿਦੇਸ਼ ਮੰਤਰੀ ਐਸ ਐਮ ਕ੍ਰਿਸ਼ਨਾ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿੱਚ ਇੱਥੇ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਪਿਛਲੇ ਸਾਲ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਸੀ। ਉਹ ਇਸ ਸਮੇਂ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਜੁੜੇ ਹੋਏ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਸੂਬੇ ਦੇ ਮੁੱਖ ਮੰਤਰੀ ਸਮੇਤ ਭਾਜਪਾ ਅਤੇ ਕਾਂਗਰਸ ਦੇ ਕਈ ਨੇਤਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਸ ਐਮ ਕ੍ਰਿਸ਼ਨਾ ਨੇ 1999 ਤੋਂ 2004 ਤੱਕ ਕਰਨਾਟਕ ਦੀ ਵਾਗਡੋਰ ਸੰਭਾਲੀ। ਉਹ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਵਿਦੇਸ਼ ਮੰਤਰੀ ਵੀ ਰਹੇ। ਮਾਰਚ 2017 ਵਿੱਚ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।ਸਾਬਕਾ ਮੁੱਖ ਮੰਤਰੀ ਕ੍ਰਿਸ਼ਨਾ ਨੇ 1960 ਦੇ ਆਸਪਾਸ ਆਪਣੀ ਸਿਆਸੀ ਪਾਰੀ ਸ਼ੁਰੂ ਕੀਤੀ ਸੀ। 1962 ਵਿੱਚ, ਉਨ੍ਹਾਂ ਆਜ਼ਾਦ ਉਮੀਦਵਾਰ ਵਜੋਂ ਮੱਦੂਰ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਅਤੇ ਕਾਂਗਰਸ ਨੂੰ ਹਰਾਇਆ। ਇਸ ਤੋਂ ਬਾਅਦ ਉਹ ਪ੍ਰਜਾ ਸੋਸ਼ਲਿਸਟ ਪਾਰਟੀ ਵਿੱਚ ਸ਼ਾਮਲ ਹੋ ਗਏ। 1968 ਵਿੱਚ ਮੰਡਿਆ ਲੋਕ ਸਭਾ ਸੀਟ ਤੋਂ ਉਪ ਚੋਣ ਜਿੱਤਣ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਲ ਹੋਏ। ਉਹ ਮਹਾਰਾਸ਼ਟਰ ਦੇ ਰਾਜਪਾਲ ਵੀ ਰਹੇ। ਉਨ੍ਹਾਂ ਨੇ ਪਿਛਲੇ ਸਾਲ ਜਨਵਰੀ ‘ਚ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਸੀ।
ਹਿੰਦੂਸਥਾਨ ਸਮਾਚਾਰ