Chandigarh News: ਪਹਾੜੀ ਇਲਾਕਿਆਂ ’ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਵਧ ਰਹੀ ਠੰਢ ਨੂੰ ਧਿਆਨ ਵਿੱਚ ਰੱਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਹੇਠਲੇ ਇਲਾਕਿਆਂ ਵਿੱਚ, ਅੰਮ੍ਰਿਤਸਰ ਸਭ ਤੋਂ ਠੰਢਾ ਸ਼ਹਿਰ ਰਿਹਾ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ, ਕੋਲਡ ਵੇਵ ਦਾ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਰੂਪਨਗਰ, ਐਸ.ਏ.ਐਸ. ਨਗਰ ਅਤੇ ਚੰਡੀਗੜ੍ਹ ਵਿੱਚ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਕਰਕੇ, ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।ਅਗਲੇ ਕੁਝ ਦਿਨਾਂ ਵਿੱਚ ਠੰਢ ਹੋਰ ਵੱਧ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ, ਵੈਸਟਰਨ ਡਿਸਟਰਬੈਂਸ ਸਰਗਰਮ ਹੈ, ਜੋ ਹੁਣ ਦਿੱਲੀ-ਹਰਿਆਣਾ ਦੇ ਬਾਰਡਰ ’ਤੇ ਚਕਰਵਾਤ ਦਾ ਰੂਪ ਧਾਰ ਚੁੱਕਾ ਹੈ। ਇਸੇ ਕਾਰਨ 13 ਦਸੰਬਰ ਤੱਕ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ, ਪੰਜਾਬ-ਚੰਡੀਗੜ੍ਹ ਦੇ ਤਾਪਮਾਨ ਵਿੱਚ ਹੋਰ ਕਮੀ ਆ ਸਕਦੀ ਹੈ।
ਹਿੰਦੂਸਥਾਨ ਸਮਾਚਾਰ