ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਬਾਕੀ ਨੇਤਾਵਾਂ ਨੂੰ ਦਿੱਤੀ ਗਈ ਧਾਰਮਿਕ ਸਜ਼ਾ ਦਾ ਅੱਜ ਆਖਰੀ ਦਿਨ ਹੈ। ਸੁਖਬੀਰ ਸਿੰਘ ਬਾਦਲ ਭਲਕੇ ਯਾਨੀ ਕਿ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਪੁੱਜਣਗੇ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਕੜਾਹ ਪ੍ਰਸ਼ਾਦਿ ਤਿਆਰ ਕਰਵਾਕੇ ਨਿਮਾਣੇ ਸਿੱਖ ਵਾਂਗ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਭੁੱਲ ਬਖਸਾਉਣ ਲਈ ਅਰਦਾਸ ਕਰਵਾਉਣਗੇ। ਇਸ ਤੋਂ ਬਾਅਦ ਹੀ ਸੁਖਬੀਰ ਸਿੰਘ ਬਾਦਲ ਦੀ ਸਜ਼ਾ ਨੂੰ ਪੂਰਾ ਮੰਨਿਆ ਜਾਵੇਗਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅੱਜ 40 ਮੁਕਤਿਆਂ ਦੀ ਪਵਿੱਤਰ ਧਰਤੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਕਰਨਗੇ। ਜਿੱਥੇ ਉਹ ਬਾਕੀ ਦਿਨਾਂ ਵਾਂਗ ਗੁਰੂ ਘਰ ਅੱਗੇ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ। ਉਸ ਤੋਂ ਬਾਅਦ ਉਹ ਜੂਠੇ ਬਰਤਨਾਂ ਦੀ ਸੇਵਾ ਕਰਨ ਤੋਂ ਬਾਅਦ ਪਾਵਨ ਪਵਿੱਤਰ ਬਾਣੀ ਦਾ ਕੀਰਤਨ ਸਰਵਣ ਕਰਨਗੇ। ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਸਣੇ ਬਾਕੀ ਮੰਤਰੀਆਂ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਸੀ।
ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਸੁਖਬੀਰ ਸਿੰਘ ਬਾਦਲ ਵੱਲੋਂ ਨਿਭਾਈ ਜਾ ਰਹੀ ਸੇਵਾ ਦੌਰਾਨ ਹੀ ਤਖ਼ਤ ਸਾਹਿਬ ਪੁੱਜੇ ਸੁਧਾਰ ਲਹਿਰ ਆਗੂ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੇ ਗੱਲਬਾਤ ਕਰਦਿਆਂ ਸੁਧਾਰ ਲਹਿਰ ਵੱਲੋਂ ਜਥੇਬੰਦਕ ਢਾਂਚਾ ਭੰਗ ਕਰਨ ਦੀ ਕਰਵਾਈ ਨੂੰ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਜੇਕਰ ਹੁਣ ਵੀ ਸਾਰੇ ਅਕਾਲੀ ਇਕੱਠੇ ਨਾ ਹੋਏ ਤਾਂ ਵੱਡੇ ਨੁਕਸਾਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੇ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਸਵਾਲ ਉੱਤੇ ਉਨ੍ਹਾਂ ਕਿਹਾ ਕਿ ਹੁਣ ਜਦੋਂ ਵੀ ਉਨ੍ਹਾਂ ਨੂੰ ਸੱਦਾ ਆਵੇਗਾ ਉਹ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ।
ਬਲਵਿੰਦਰ ਭੂੰਦੜ ਨੇ ਵੀ ਕੀਤੀ ਸੇਵਾ
ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਵਲੋਂ ਐਲਾਨੀ ਸਜ਼ਾ ਨੂੰ ਨਿਮਾਣੇ ਸਿੱਖੋ ਵਜੋ ਭੁਗਤਾ ਰਹੇ ਹਾਂ। ਸੁਖਬੀਰ ਬਾਦਲ ਉੱਤੇ ਹੋਏ ਹਮਲੇ ਨੂੰ ਲੈ ਕੇ ਬਲਵਿੰਦਰ ਭੂੰਦੜ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਸੇਵਾ ਕਰ ਰਹੇ ਗੁਰੂ ਦੇ ਸਿੱਖ ਉੱਤੇ ਗੋਲੀ ਚੱਲਣਾ, ਇਹ ਸਭ ਤੋਂ ਵੱਧ ਮੰਦਭਾਗੀ ਗੱਲ ਹੈ ਅਤੇ ਅਜਿਹੀ ਘਟਨਾ ਕੌਮ ਲਈ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜੇਕਰ ਇੱਕਠੀ ਹੁੰਦੀ ਹੈ, ਤਾਂ ਚੰਗੀ ਗੱਲ ਹੈ, ਮਲੂਕਾ ਸਾਹਿਬ ਆਉਣ ਅਸੀ ਸਵਾਗਤ ਕਰਦੇ ਹਾਂ।
ਸ੍ਰੀ ਦਰਬਾਰ ਸਾਹਿਬ ਵਿੱਚ ਹਮਲਾ
ਦੱਸ ਦਈਏ ਕਿ ਸਜ਼ਾ ਭੁਗਤਾਉਂਦੇ ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਲਗਾਤਾਰ ਉਨ੍ਹਾਂ ਦੀ ਸੁਰੱਖਿਆ ‘ਚ ਵਾਧਾ ਕੀਤਾ ਗਿਆ ਹੈ। ਜਿੱਥੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵੱਲੋਂ ਸਖਤ ਪਹਿਰਾ ਹੈ, ਉੱਥੇ ਹੀ ਪੰਜਾਬ ਪੁਲਿਸ ਵੱਲੋਂ ਵੀ ਸੁਖਬੀਰ ਬਾਦਲ ਦੀ ਪਹਿਰੇਦਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਮੀਡੀਆ ਨੂੰ ਵੀ ਦੂਰੀ ਤੋਂ ਕਵਰੇਜ ਕਰਨ ਦੀ ਆਗਿਆ ਹੈ। ਖਾਲਿਸਤਾਨ ਸਮਰਥਕ ਨਰਾਇਣ ਚੌੜਾ ਵੱਲੋਂ ਸੁਖਬੀਰ ਬਾਦਲ ‘ਤੇ ਗੋਲੀ ਚਲਾਈ ਗਈ ਸੀ, ਜਿਸ ਤੋਂ ਬਾਅਦ ਬਾਦਲ ਦੀ ਸੁੱਰਖਿਆ ਨੂੰ ਲੈਕੇ ਲਗਾਤਾਰ ਸਵਾਲ ਵੀ ਖੜ੍ਹੇ ਹੋਏ।