Patiala News: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ, ਸੀਨੀਅਰ ਆਈ.ਏ.ਐਸ. ਅਧਿਕਾਰੀ ਸਹਿਕਾਰਤਾ ਵਿਭਾਗ ਦੇ ਸਕੱਤਰ ਅਤੇ ਐਮ.ਡੀ. ਪੰਜਾਬ ਰਾਜ ਸਹਿਕਾਰੀ ਬੈਂਕ ਅਨੰਦਿਤਾ ਮਿੱਤਰਾ ਅੱਜ ਪਟਿਆਲਾ ਪੁੱਜ ਗਏ ਹਨ। ਉਨ੍ਹਾਂ ਨੇ 21 ਦਸੰਬਰ ਨੂੰ ਨਗਰ ਨਿਗਮ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਚੋਣ ਆਬਜ਼ਰਵਰ ਅਨੰਦਿਤਾ ਮਿੱਤਰਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਧਿਕਾਰੀ ਤੇ ਹੋਰ ਚੋਣ ਅਮਲਾ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਵੇ।ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ ‘ਤੇ ਸ਼ਿਕਾਇਤ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਨੇ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਤੇ ਨਾਜੁਕ ਹੋਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਕਮਿਸ਼ਨ ਦੀਆਂ ਹੋਰ ਹਦਾਇਤਾਂ ਤੋਂ ਜਾਣੂ ਕਰਵਾਇਆ। ਅਨੰਦਿਤਾ ਮਿੱਤਰਾ ਨੇ ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੁਕੰਮਲ ਜਾਇਜਾ ਲੈਂਦਿਆਂ ਵੋਟਾਂ ਬਾਅਦ ਈ.ਵੀ.ਐਮਜ਼ ਨੂੰ ਸਟਰਾਂਗ ਰੂਮਜ਼ ਰੱਖਣ ਸਮੇਤ ਹੋਰ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ।ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਚੋਣ ਆਬਜ਼ਰਵਰ ਦਾ ਪਟਿਆਲਾ ਪੁੱਜਣ ‘ਤੇ ਸਵਾਗਤ ਕਰਦਿਆਂ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਨੇ ਅਬਜਰਵਰ ਨੂੰ ਭਰੋਸਾ ਦਿੱਤਾ ਕਿ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਚੋਣ ਆਬਜ਼ਰਵਰ ਨੂੰ ਪੁਲਿਸ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਬਾਬਤ ਸਮੁੱਚੀ ਜਾਣਕਾਰੀ ਪ੍ਰਦਾਨ ਕੀਤੀ।
ਹਿੰਦੂਸਥਾਨ ਸਮਾਚਾਰ