New Delhi: ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਰਾਉਜ਼ ਐਵੇਨਿਊ ਕੋਰਟ ਵੱਲੋਂ ਸਾਬਕਾ ਕਾਂਗਰਸੀ ਐੱਮਪੀ ਸੱਜਣ ਕੁਮਾਰ ਖ਼ਿਲਾਫ਼ ਫ਼ੈਸਲਾ ਅਗਾਉਂ 8 ਜਨਵਰੀ 2025 ਨੂੰ ਸੁਣਾਇਆ ਜਾ ਸਕਦਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਵੱਲੋਂ ਅੱਜ ਫ਼ੈਸਲਾ ਸੁਣਾਇਆ ਜਾਣਾ ਸੀ, ਜਿਨ੍ਹਾਂ ਇਸ ਨੂੰ ਅੱਗੇ ਪਾ ਦਿੱਤਾ ਹੈ। ਉਨ੍ਹਾਂ ਕਿਹਾ,‘8 ਜਨਵਰੀ ਅਗਲੀ ਤਰੀਕ ਹੈ।’ ਸਾਬਕਾ ਕਾਂਗਰਸੀ ਐੱਮਪੀ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹੈ, ਜੋ ਕਿ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਇਆ। ਇਸ ਕੇਸ ਦਾ ਸਬੰਧ ਸਰਸਵਤੀ ਵਿਹਾਰ ਇਲਾਕੇ ਵਿੱਚ ਸਿੱਖ ਵਿਰੋਧੀ ਦੰਗਿਆਂ ’ਚ ਦੋ ਵਿਅਕਤੀਆਂ ਦੀ ਹੱਤਿਆ ਨਾਲ ਹੈ। ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਨਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਆਖ਼ਰੀ ਜਿਰ੍ਹਾ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ।