Fazilka News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਆਖਿਆ ਕਿ ਮੰਡੀ ਅਰਨੀਵਾਲਾ ਲਈ ਪੰਜਾਬ ਸਰਕਾਰ ਪਿਛਲੇ ਲਗਭਗ ਦੋ ਸਾਲ ਵਿੱਚ 65 ਕਰੋੜ ਰੁਪਏ ਤੋਂ ਜਿਆਦਾ ਦੀਆਂ ਗਰਾਂਟਾਂ ਵੱਖ-ਵੱਖ ਵਿਕਾਸ ਕਾਰਜਾਂ ਲਈ ਦੇ ਚੁੱਕੀ ਹੈ। ਉਹਨਾਂ ਨੇ ਹਲਕੇ ਦੇ ਮਿਹਨਤੀ ਅਤੇ ਲੋਕਾਂ ਲਈ ਕੰਮ ਕਰਨ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਸਲਾਘਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਲੋਕਾਂ ਦੇ ਕੰਮ ਕਰਵਾਉਂਦੇ ਰਹਿੰਦੇ ਹਨ। ਕੈਬਨਿਟ ਮੰਤਰੀ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਕੇਵਲ ਨੀਂਹ ਪੱਥਰ ਰੱਖਦੀਆਂ ਸਨ ਜਦ ਕਿ ਇਹ ਸਰਕਾਰ ਵਿਕਾਸ ਕਾਰਜ ਨੂੰ ਹਕੀਕੀ ਰੂਪ ਵਿੱਚ ਕਰਵਾਉਂਦੀ ਹੈ। ਉਹਨਾਂ ਨੇ ਕਿਹਾ ਕਿ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਹਲਕੇ ਵਿੱਚ ਦੋ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਜਦਕਿ ਨਵੀਂ ਨਾਣਾ ਮੰਡੀ ਵੀ ਇੱਥੇ ਬਣਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਪਣੇ ਗਠਨ ਦੇ ਪਹਿਲੇ ਦਿਨ ਤੋਂ ਕੰਮ ਕਰ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਆਪਣੇ ਆਖਰੀ ਛੇ ਮਹੀਨੇ ਵਿੱਚ ਲੋਕਾਂ ਵਿੱਚ ਪਹੁੰਚ ਕਰਿਆ ਕਰਦੀਆਂ ਸਨ। ਇਸ ਤੋਂ ਪਹਿਲਾਂ ਬੋਲਦਿਆਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਦੱਸਿਆ ਕਿ ਇਸ ਸੀਵਰੇਜ ਪਾਉਣ ਦੇ ਪ੍ਰੋਜੈਕਟ ਤੇ 13.16 ਕਰੋੜ ਰੁਪਏ ਦਾ ਖਰਚ ਆਵੇਗਾ ਹਾਲਾਂਕਿ ਇਹ ਕੁੱਲ ਪ੍ਰੋਜੈਕਟ 29.27 ਕਰੋੜ ਰੁਪਏ ਦਾ ਹੈ ਜਿਸ ਵਿੱਚ ਇਸ ਦੇ ਨਾਲ ਹੋਰ ਕੰਮ ਵੀ ਹੋਣੇ ਹਨ। ਇਸੇ ਤਰ੍ਹਾਂ 14.15 ਕਰੋੜ ਰੁਪਏ ਨਾਲ ਮੰਡੀ ਅਰਨੀਵਾਲਾ ਵਿੱਚ ਪੀਣ ਦੇ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ। ਸੀਵਰੇਜ ਅਤੇ ਪੀਣ ਦੀਆਂ ਪਾਣੀ ਦੀਆਂ ਪਾਈਪਾਂ ਵਿਛਾਉਣ ਦਾ ਕੰਮ ਨਾਲੋਂ ਨਾਲ ਹੋਵੇਗਾ। ਇਸੇ ਤਰ੍ਹਾਂ 7.55 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਬਣਾਇਆ ਜਾ ਚੁੱਕਾ ਹੈ ਅਤੇ 21.39 ਕਰੋੜ ਰੁਪਏ ਦੀ ਲਾਗਤ ਨਾਲ ਐਸਟੀਪੀ ਬਣਾਉਣ ਦੀ ਵੀ ਮਨਜ਼ੂਰੀ ਮਿਲ ਚੁੱਕੀ ਹੈ। ਇਸ ਤੋਂ ਬਿਨਾਂ 5.5 ਕਰੋੜ ਰੁਪਏ ਨਾਲ ਛੱਪੜ ਤੋਂ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਈ ਜਾ ਚੁੱਕੀ ਹੈ।
ਹਿੰਦੂਸਥਾਨ ਸਮਾਚਾਰ