Chandigarh News: ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ ’ਤੇ ਪਟੜੀਆਂ ’ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਕਿਸਾਨ ਜ਼ਿਆਦਾਤਰ ਥਾਵਾਂ ’ਤੇ ਜਾਮ ਲਗਾਉਣਗੇ। ਕਿਸਾਨ ਆਗੂ ਸਰਵਣ ਪੰਧੇਰ ਵਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।
ਅੰਦੋਲਨਕਾਰੀ ਕਿਸਾਨ ਅੱਜ ਪੰਜਾਬ ‘ਚ 48 ਥਾਵਾਂ ‘ਤੇ ਰੋਕਣਗੇ ਰੇਲਾਂ
ਕਿਸਾਨਾਂ ਦੇ ਇਸ ਐਲਾਨ ਕਾਰਨ ਪੁਲਿਸ, ਰੇਲਵੇ ਪੁਲਿਸ ਅਤੇ ਆਰਪੀਐਫ ਦੀਆਂ ਟੀਮਾਂ ਚੌਕਸ ਹੋ ਗਈਆਂ ਹਨ। ਰੇਲ ਰੋਕੋ ਅੰਦੋਲਨ ‘ਤੇ ਕਿਸਾਨ ਜਥੇਬੰਦੀਆਂ ਇਕਮਤ ਨਹੀਂ ਹਨ। ਕਈ ਕਿਸਾਨ ਜਥੇਬੰਦੀਆਂ ਨੇ ਅੱਜ ਦੇ ਅੰਦੋਲਨ ਤੋਂ ਦੂਰੀ ਬਣਾ ਲਈ ਹੈ।
ਕਿਸਾਨਾਂ ਦੇ ਵਿਰੋਧ ਦੇ ਮੁੱਖ ਕੇਂਦਰ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਆਦਿ ਜ਼ਿਲ੍ਹੇ ਹੋਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸਾਂਝੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਆਉਣ ਵਾਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ 19 ਦਸੰਬਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸੱਦੀ ਹੈ।
ਹਿੰਦੂਸਥਾਨ ਸਮਾਚਾਰ