SAS Nagar Mohali: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਲੰਬਿਤ ਪਏ ਮਾਮਲੇ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
ਜ਼ਿਲੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਕੰਮ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਨੂੰ ਵੀ ਇਸ ਸੰਬਧੀ ਸਮੇਂ-ਸਮੇਂ ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਅਤੇ ਪਟਵਾਰੀਆਂ ਪਾਸੋਂ ਉਨ੍ਹਾਂ ਪਾਸ ਲੰਬਿਤ ਪਿਆ ਕੰਮ 10 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕਰਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ ‘ਤੇ ਚੈਕਿੰਗ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ। ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਬਕਾਇਆ ਪਏ ਅਦਾਲਤੀ ਕੇਸਾਂ ਦੀ ਪੈਰਵਾਈ ਕਰਕੇ ਜਲਦ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਜ਼ਿਲ੍ਹੇ ਵਿਚ ਨਾਜਾਇਜ਼ ਕਬਜ਼ਿਆਂ ਨੂੰ ਦੂਰ ਕਰਵਾਉਣ ਦੇ ਠੋਸ ਉਪਰਾਲੇ ਕੀਤੇ ਜਾਣ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਤਕਸੀਮ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਿਆਂ ਦੇ ਨਿਪਟਾਰੇ ਸਬੰਧੀ ਅਧਿਕਾਰੀ-ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ ਅਤੇ ਦੱਸਿਆ ਕਿ ਜ਼ਿਲ੍ਹੇ ਵਿੱਚ 30 ਨਵੰਬਰ 2024 ਤੱਕ ਕੁੱਲ 18,08541/- ਦੀ ਰਿਕਵਰੀ ਕੀਤੀ ਗਈ। ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੀ ਲੋੜ ਹੈ। ਜ਼ਿਲ੍ਹੇ ਦੇ ਪਟਵਾਰਖਾਨਿਆਂ, ਜਿੰਨ੍ਹਾਂ ਨੂੰ ਰਿਪੇਅਰ ਦੀ ਲੋੜ ਹੈ, ਦੀ ਤਜਵੀਜ਼ ਬਣਾ ਕੇ ਪੇਸ਼ ਕੀਤੀ ਜਾਵੇ। ਇਸ ਤੋਂ ਇਲਾਵਾ ਲੋੜ ਅਨਸਾਰ ਵਰਕ ਸਟੇਸ਼ਨ ਵੀ ਬਣਾਏ ਜਾਣ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਰੀਵਿਊ ਮੀਟਿੰਗ ਤੋਂ ਪਹਿਲਾ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਪੈਡਿੰਗ ਕੇਸਾਂ ਨੂੰ ਜਲਦ ਹੱਲ ਕਰਨ ਲਈ ਕਿਹਾ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਨ੍ਹਾਂ ਕੰਮਾਂ ਲਈ ਆਨਲਾਈਨ ਸਾਫਟਵੇਅਰ ਵਿਧੀ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਪੈਡਿੰਗ ਕੇਸ ਵੀ ਛੇਤੀ ਹੱਲ ਕੀਤੇ ਜਾ ਸਕਦੇ ਹਨ ।
ਹਿੰਦੂਸਥਾਨ ਸਮਾਚਾਰ