Punjab SGPC News: ਲੁਧਿਆਣਾ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਦੱਸਦਈਏ ਕਿ SGPC ਨੇ ਗਿਆਨੀ ਹਰਪ੍ਰੀਤ ਸਿੰਘ ਨੂੰ 15 ਦਿਨਾਂ ਲਈ ਸ੍ਰੀ ਦਮਦਮਾ ਸਾਹਿਬ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਜੱਥੇਦਾਰ ਦਾ ਚਾਰਜ ਸੌਂਪਿਆ ਗਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜੋ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਲੱਗੇ ਇਲਜ਼ਾਮਾਂ ਦੀ ਜਾਂਚ ਕਰੇਗੀ। ਦਰਅਸਲ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਵੱਲੋਂ ਉਹਨਾਂ ਖਿਲਾਫ਼ ਇਲਜ਼ਾਮ ਲਗਾਏ ਗਏ ਸਨ।
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁੱਝ ਦਿਨਾਂ ਲਈ ਚਾਰਜ ਵਾਪਸ ਲਏ ਜਾਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਜਾਣਕਾਰੀ ਸੀ ਕਿ ਉਨ੍ਹਾਂ ਨਾਲ ਅਜਿਹਾ ਹੀ ਹੋਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਹ ਧਰਮ ਅਤੇ ਬਾਣੀ ਦਾ ਖੁੱਲ੍ਹ ਕੇ ਪ੍ਰਚਾਰ ਕਰਨਗੇ ਅਤੇ ਬੇਬਾਕੀ ਨਾਲ ਗੱਲ ਕਰਨਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਪੰਥ ਲਈ ਹਮੇਸ਼ਾ ਲੜਨਗੇ , ਪੰਥ ਲਈ ਖੜੇ ਹੋਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਲੱਗੇ ਦੋਸ਼ ‘ਤੇ ਪਹਿਲਾਂ ਹੀ ਸਪਸ਼ਟੀਕਰਨ ਦੇ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅਹੁਦੇ ਆਉਂਦੇ ਹਨ ਅਤੇ ਜਾਂਦੇ ਹਨ, ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਨੇ ਕਿਹਾ ਕਿ ਮੈਂ ਕੋਈ ਪਹਿਲਾ ਜੱਥੇਦਾਰ ਨਹੀਂ ਹਾਂ, ਜਿਸ ਨੂੰ ਜ਼ਲੀਲ ਕੀਤਾ ਗਿਆ ਹੈ, ਸਗੋਂ ਸ੍ਰੀ ਅਨੰਦਪੁਰ ਸਾਹਿਬ ਦੇ ਜੱਥੇਦਾਰ ਨੂੰ ਵੀ ਇਸੇ ਤਰ੍ਹਾਂ ਫ਼ਾਰਗ ਕੀਤਾ ਗਿਆ ਸੀ।