Punjab Police: ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਪਠਾਨਕੋਟ ‘ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ 9 ਐਮਐਮ ਕੈਲੀਬਰ ਦੇ ਦੋ ਪਿਸਤੌਲ, ਚਾਰ ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫੋਰਮ ‘ਐਕਸ’ ‘ਤੇ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਐਫ.ਆਈ.ਆਰ ਦਰਜ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿਸ ਨੂੰ ਸਪਲਾਈ ਕਰਨੇ ਸਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਨੈਟਵਰਕ ‘ਚ ਸ਼ਾਮਲ ਹੋਰ ਸ਼ੱਕੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਮਿਸ਼ਨ ‘ਚ ਦ੍ਰਿੜ ਹੈ।