New Delhi: ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਜਯੰਤ ਚੌਧਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਧਨਖੜ ਅਤੇ ਜਯੰਤ ਨਵੀਂ ਦਿੱਲੀ ਦੇ ਕਿਸਾਨ ਘਾਟ ਪੁੱਜੇ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਭਾਜਪਾ ਨੇ ਵੀ ਐਕਸ ਹੈਂਡਲ ‘ਤੇ ਚੌਧਰੀ ਚਰਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਭਾਜਪਾ ਨੇ ਲਿਖਿਆ, “ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਮਜ਼ਬੂਤ ਨੇਤਾ, ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਜਯੰਤੀ ‘ਕਿਸਾਨ ਦਿਵਸ’ ‘ਤੇ ਲੱਖ-ਲੱਖ ਪ੍ਰਣਾਮ।”ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ‘ਭਾਰਤ ਰਤਨ’ ਚੌਧਰੀ ਚਰਨ ਸਿੰਘ ਨੂੰ 122ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਰਾਸ਼ਟਰ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਦੀ ਭਾਵਨਾ ਹਰ ਕਿਸੇ ਨੂੰ ਪ੍ਰੇਰਿਤ ਕਰਦੀ ਰਹੇਗੀ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਲਿਖਿਆ, ”ਗਰੀਬਾਂ ਅਤੇ ਕਿਸਾਨਾਂ ਦੇ ਸੱਚੇ ਸ਼ੁਭਚਿੰਤਕ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਰਾਸ਼ਟਰ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਦੀ ਭਾਵਨਾ ਹਰ ਕਿਸੇ ਨੂੰ ਪ੍ਰੇਰਿਤ ਕਰਦੀ ਰਹੇਗੀ।” ਪ੍ਰਧਾਨ ਮੰਤਰੀ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ। ਇਸ ਵਿੱਚ ਚਰਨ ਸਿੰਘ ਦੇ ਚੋਣਵੇਂ ਭਾਸ਼ਣ ਹਨ।ਉਪ ਰਾਸ਼ਟਰਪਤੀ ਧਨਖੜ ਨੇ ਚੌਧਰੀ ਚਰਨ ਸਿੰਘ ਦੀ ਜਯੰਤੀ ‘ਤੇ ਦੇਸ਼ ਦੇ ਸਾਰੇ ਕਿਸਾਨਾਂ ਨੂੰ ਨਮਨ ਕੀਤਾ | ਉਨ੍ਹਾਂ ਕਿਹਾ ਕਿ 2001 ਵਿੱਚ ਸਹੀ ਫੈਸਲਾ ਲੈ ਕੇ ਕਿਸਾਨ ਦਿਵਸ ਦੀ ਸ਼ੁਰੂਆਤ ਕੀਤੀ ਗਈ। ਚੌਧਰੀ ਚਰਨ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਅਤੇ ਦੇਸ਼ ਦੇ ਵਿਕਾਸ ਲਈ ਸਮਰਪਿਤ ਕਰ ਦਿੱਤਾ।ਉਪ ਰਾਸ਼ਟਰਪਤੀ ਧਨਖੜ ਨੇ ਕਿਹਾ ਕਿ ਅਗਲੇ ਸਾਲ ਕਿਸਾਨ ਦਿਵਸ ਦੇ 25 ਸਾਲ ਪੂਰੇ ਹੋ ਜਾਣਗੇ। ਸਾਨੂੰ ਸਾਰਿਆਂ ਨੂੰ ਇੱਕ ਸੰਕਲਪ ਲੈ ਕੇ ਸਾਲ ਭਰ ਪ੍ਰੋਗਰਾਮਾਂ ਦਾ ਆਯੋਜਨ ਕਰਨਾ ਹੋਵੇਗਾ, ਤਾਂ ਜੋ ਅਸੀਂ ਕਿਸਾਨਾਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖ ਸਕੀਏ।ਜ਼ਿਕਰਯੋਗ ਹੈ ਕਿ ਚੌਧਰੀ ਚਰਨ ਸਿੰਘ ਦਾ ਜਨਮ 1902 ਵਿੱਚ ਹੋਇਆ ਸੀ। ਉਨ੍ਹਾਂ ਦੀ ਜਯੰਤੀ ਨੂੰ ਕਿਸਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਹ ਜੁਲਾਈ 1979 ਤੋਂ ਜਨਵਰੀ 1980 ਤੱਕ ਪ੍ਰਧਾਨ ਮੰਤਰੀ ਰਹੇ। ਸਮਾਜਵਾਦੀ ਚੌਧਰੀ ਚਰਨ ਸਿੰਘ ਨੂੰ ਕਿਸਾਨਾਂ ਦਾ ਭਰਪੂਰ ਸਮਰਥਨ ਹਾਸਿਲ ਸੀ। ਮੋਦੀ ਸਰਕਾਰ ਨੇ ਇਸ ਸਾਲ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਨਿਵਾਜਿਆ ਹੈ।
ਹਿੰਦੂਸਥਾਨ ਸਮਾਚਾਰ