Fatehgarh Sahib News: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਫਤਿਹਗੜ੍ਹ ਸਾਹਿਬ ਦੀ ਧਰਤੀ ’ਤੇ ਲੱਗਣ ਵਾਲੀ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਸਭਾ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਰਸਮੀ ਤੌਰ ’ਤੇ ਸ਼ੁਰੂ ਹੋ ਗਈ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਤਰ ਸਿੰਘ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਭਾਈ ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਜੂਨੀਅਰ ਮੀਤ ਪ੍ਰਧਾਨ ਭਾਈ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਜਥੇਦਾਰ ਜਗਦੀਪ ਸਿੰਘ ਚੀਮਾ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ 27 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਸ਼ਹੀਦੀ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਦੁਪਹਿਰ 1 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੂਰਨ ਹੋਵੇਗਾ ਅਤੇ ਸਮਾਪਤੀ ਦੀ ਅਰਦਾਸ ਨਾਲ ਤਿੰਨ ਰੋਜ਼ਾ ਸ਼ਹੀਦੀ ਸਭਾ ਦੀ ਸੰਪੂਰਨਤਾ ਹੋਵੇਗੀ।
ਹਿੰਦੂਸਥਾਨ ਸਮਾਚਾਰ