Chandigarh News: ਪੰਜਾਬ ‘ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਕਈ ਜਥੇਬੰਦੀਆਂ ਨੇ ਇਕੱਠੇ ਹੋ ਕੇ ਸੋਮਵਾਰ ਨੂੰ ਬੰਦ ਦਾ ਐਲਾਨ ਕੀਤਾ ਹੈ। ਅੰਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਜਥੇਬੰਦੀਆਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਜਿੱਥੇ ਕਈ ਕਿਸਾਨ ਜਥੇਬੰਦੀਆਂ ਇੱਕਜੁੱਟ ਨਹੀਂ ਹਨ, ਉੱਥੇ ਹੀ ਕਈ ਹੋਰ ਜਥੇਬੰਦੀਆਂ ਨੇ ਬੰਦ ਦੀ ਹਮਾਇਤ ਵੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਪੰਜਾਬ ‘ਚ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਜਾ ਰਿਹਾ ਮਰਨ ਵਰਤ ਅੱਜ 35ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਦੇਰ ਰਾਤ ਡੱਲੇਵਾਲ ਨੇ ਵੀਡੀਓ ਜਾਰੀ ਕਰਕੇ ਖਨੌਰੀ ਪੁੱਜ ਕੇ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਡੱਲੇਵਾਲ ਦੀ ਸਿਹਤ ਨੂੰ ਲੈ ਕੇ 31 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਜਵਾਬ ਦਾਇਰ ਕਰੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 30 ਦਸੰਬਰ ਨੂੰ ਆਪਣੇ ਸਾਰੇ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ 30 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ ਕਰਕੇ 31 ਦਸੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਪੰਜਾਬ ਰੋਡਵੇਜ਼ ਬੱਸ ਯੂਨੀਅਨਾਂ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦੀ ਗੱਲ ਕਹੀ ਹੈ। ਪੰਜਾਬ ਪਸ਼ੂ ਪਾਲਣ ਵਿਭਾਗ ਦੇ ਮੁਲਾਜ਼ਮਾਂ ਨੇ ਵੀ ਬੰਦ ਦੀ ਹਮਾਇਤ ਕੀਤੀ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਸਿਰਫ਼ ਜ਼ਰੂਰੀ ਹੋਣ ‘ਤੇ ਹੀ ਘਰੋਂ ਬਾਹਰ ਨਿਕਲੋ ਕਿਉਂਕਿ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਇਸ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੱਸ-ਟਰੇਨਾਂ ਬੰਦ ਰਹਿਣਗੀਆਂ। ਇਸ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਵੀ ਬੰਦ ਰਹਿਣਗੇ। ਪੰਧੇਰ ਨੇ ਕਿਹਾ ਕਿ ਪੰਜਾਬ ਬੰਦ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ।
ਹਿੰਦੂਸਥਾਨ ਸਮਾਚਾਰ