Chandigarh News: ਪੰਜਾਬ ‘ਚ ਕਿਸਾਨਾਂ ਅਤੇ ਹੋਰ ਜਥੇਬੰਦੀਆਂ ਦੇ ਸੱਦੇ ‘ਤੇ ਸੂਬਾ ਪੱਧਰੀ ਬੰਦ ਸ਼ੁਰੂ ਹੋ ਗਿਆ ਹੈ। ਬੰਦ ਦਾ ਕਈ ਜ਼ਿਲ੍ਹਿਆਂ ਵਿੱਚ ਭਾਰੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਸਮੇਤ ਕਈ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ-ਦਿੱਲੀ ਅਤੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ-ਦਿੱਲੀ ਮਾਰਗ ‘ਤੇ ਪੰਜਾਬ ਦੇ ਡੇਰਾਬੱਸੀ ਅਤੇ ਹਰਿਆਣਾ ਦੇ ਅੰਬਾਲਾ ਤੋਂ ਵਾਹਨਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ।
ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਨੇ ਵੀ ਕਿਸਾਨਾਂ ਦੀ ਹਮਾਇਤ ਦਾ ਐਲਾਨ ਕਰਦਿਆਂ ਅੱਜ ਬੱਸਾਂ ਬੰਦ ਕਰ ਦਿੱਤੀਆਂ ਹਨ। ਪਟਿਆਲਾ, ਬਠਿੰਡਾ, ਸੰਗਰੂਰ, ਜਲੰਧਰ ਅਤੇ ਲੁਧਿਆਣਾ ਆਦਿ ਸ਼ਹਿਰਾਂ ਦੀਆਂ ਸਰਕਾਰੀ ਬੱਸਾਂ ਬੱਸ ਸਟੈਂਡ ਤੋਂ ਬਾਹਰ ਨਹੀਂ ਨਿਕਲੀਆਂ, ਜਿਸ ਕਾਰਨ ਰੋਜ਼ਾਨਾ ਆਉਣ ਜਾਣ ਵਾਲੇ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ। ਪੰਜਾਬ ਵਿੱਚ ਕਈ ਥਾਵਾਂ ’ਤੇ ਕਿਸਾਨਾਂ ਵੱਲੋਂ ਰੇਲ ਪਟੜੀਆਂ ’ਤੇ ਬੈਠਣ ਦੀਆਂ ਵੀ ਖ਼ਬਰਾਂ ਹਨ, ਜਿਸ ਕਾਰਨ ਸੂਬੇ ‘ਚ 52 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ 22 ਦੇ ਰੂਟ ਬਦਲੇ ਗਏ ਹਨ। ਲੁਧਿਆਣਾ ਰੇਲਵੇ ਸਟੇਸ਼ਨ ’ਤੇ ਪਹੁੰਚਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਮਜ਼ਬੂਰਨ ਵਾਪਸ ਜਾਣਾ ਪਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੇ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਹਿੰਦੂਸਥਾਨ ਸਮਾਚਾਰ