ਚੰਡੀਗੜ੍ਹ, 31 ਦਸੰਬਰ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਾਲ ਆਪਣੀ ਅੰਤਮ ਮੀਟਿੰਗ ਵਿੱਚ ਉੱਤਰ ਪ੍ਰਦੇਸ਼ ਪੁਲਿਸ ਦੇ ਹਾਲ ਹੀ ਵਿੱਚ ਕੀਤੇ ਗਏ ਐਨਕਾਉਂਟਰ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਪੰਜਾਬ ‘ਚ ਥਾਣਿਆਂ ‘ਤੇ ਗ੍ਰੇਨੇਡ ਹਮਲਿਆਂ ਕਾਰਨ ਉੱਤਰ ਪ੍ਰਦੇਸ਼ ਪੁਲਿਸ ਨੇ ਹਾਲ ਹੀ ‘ਚ ਪੰਜਾਬ ਦੇ ਤਿੰਨ ਨੌਜਵਾਨਾਂ ਦਾ ਐਨਕਾਊਂਟਰ ਕੀਤਾ ਸੀ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਐਨਕਾਊਂਟਰ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਮ੍ਰਿਤਕ ਦੇ ਵਾਰਸਾਂ ਦੇ ਖਦਸ਼ੇ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੰਗਲਵਾਰ ਨੂੰ ਹੋਈ ਮੀਟਿੰਗ ਦੌਰਾਨ ਕਿਹਾ ਕਿ ਉੱਤਰ ਪ੍ਰਦੇਸ਼ ਪੁਲਿਸ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਹੈ। ਸ਼ੁਰੂਆਤੀ ਤੌਰ ‘ਤੇ ਇਹ ਜਾਪਦਾ ਹੈ ਕਿ ਬਹੁਤ ਹੀ ਘੱਟ ਉਮਰ ਦੇ ਨੌਜਵਾਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ। ਇਸ ਮੁਕਾਬਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ 4 ਦਸੰਬਰ ਨੂੰ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਬਾਹਰ ਕਰਨ ਦੀ ਮੰਗ ਵੀ ਰੱਦ ਕਰ ਦਿੱਤੀ ਗਈ। ਕਮੇਟੀ ਦੀ ਮੀਟਿੰਗ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਕੇਸ ਦੀ ਜਾਂਚ ਲਈ ਬਣਾਈ ਗਈ ਕਮੇਟੀ ਦਾ ਕਾਰਜਕਾਲ ਇੱਕ ਮਹੀਨਾ ਹੋਰ ਵਧਾਉਣ ਦਾ ਵੀ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।
ਹਿੰਦੂਸਥਾਨ ਸਮਾਚਾਰ