New Delhi: ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਦੇ ਰਵੱਈਏ ਪ੍ਰਤੀ ਸਵਾਲ ਖੜ੍ਹੇ ਕੀਤੇ ਹਨ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅੰਦੋਲਨ ਪ੍ਰਤੀ ਸੂਬਾ ਸਰਕਾਰ ਦਾ ਰਵੱਈਆ ਉਚਿਤ ਨਹੀਂ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਕਿਹਾ ਕਿ ਸੂਬਾ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇਹ ਕਿਉਂ ਨਹੀਂ ਸਮਝਾ ਰਹੀ ਕਿ ਹਸਪਤਾਲ ਜਾ ਕੇ ਵੀ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ ਅਤੇ ਅੰਦੋਲਨ ਜਾਰੀ ਰਹੇਗਾ। ਮਾਮਲੇ ਦੀ ਅਗਲੀ ਸੁਣਵਾਈ 7 ਜਨਵਰੀ ਨੂੰ ਹੋਵੇਗੀ।
ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਕੀ ਤੁਸੀਂ ਕਿਸਾਨਾਂ ਨੂੰ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਕਮੇਟੀ ਬਣਾਈ ਹੈ। ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਦੇ ਬਿਆਨਾਂ ’ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਕੁਝ ਕਿਸਾਨ ਆਗੂਆਂ ਦੇ ਬਿਆਨ ਇਤਰਾਜ਼ਯੋਗ ਹਨ। ਉਨ੍ਹਾਂ ਨੂੰ ਸੁਨੇਹਾ ਦਿੱਤਾ ਜਾਵੇ ਕਿ ਇਹ ਠੀਕ ਨਹੀਂ ਹੈ। ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਡੀਆਂ ਹਦਾਇਤਾਂ ਇਹ ਨਹੀਂ ਸਨ ਕਿ ਉਹ ਵਰਤ ਤੋੜ ਲਵੇ। ਫਿਰ ਪੰਜਾਬ ਸਰਕਾਰ ਨੇ ਕੁਝ ਸਮਾਂ ਮੰਗਿਆ। ਪੰਜਾਬ ਸਰਕਾਰ ਨੇ ਕਿਹਾ ਕਿ ਸਾਡੇ ਅਧਿਕਾਰੀ ਉਥੇ ਮੌਜੂਦ ਹਨ ਅਤੇ ਉਹ ਸਥਿਤੀ ਨੂੰ ਸੰਭਾਲਣ ਵਿਚ ਲੱਗੇ ਹੋਏ ਹਨ। ਫਿਰ ਅਦਾਲਤ ਨੇ ਸੁਣਵਾਈ 7 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਤਾਜ਼ਾ ਸਥਿਤੀ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ।