ਮੋਗਾ, 03 ਜਨਵਰੀ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 28 ਫਰਵਰੀ, 2025 ਤੱਕ ਲਾਗੂ ਰਹਿਣਗੇ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ ‘ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ.ਸੀ.ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿੱਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ ‘ਤੇ ਲਾਗੂ ਨਹੀਂ ਹੋਵੇਗਾ।
ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ‘ਤੇ ਰੋਕਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ‘ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ।ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।
ਹਿੰਦੂਸਥਾਨ ਸਮਾਚਾਰ