ਚੰਡੀਗੜ੍ਹ, 06 ਜਨਵਰੀ (ਹਿੰ. ਸ.)। ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਣ ਦੇ ਮਾਮਲੇ ਦੀ ਕਰੜੇ ਸ਼ਬਦਾਂ ਵਿੱਚ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਖਾਂ ਦੇ ਪੰਜ ਤਖਤਾਂ ਵਿਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ। ਜਥੇਦਾਰ ਸਾਹਿਬਾਨ ਨਾਲ ਸਬੰਧਤ ਕਿਸੇ ਵੀ ਮੁੱਦੇ ਦੀ ਜਾਂਚ ਜਾਂ ਕਾਰਵਾਈ ਕਰਨ ਦਾ ਅਧਿਕਾਰ ਸਿਰਫ਼ ਸਰਵਉਚ ਤਖ਼ਤ ਦੇ ਜਥੇਦਾਰ ਨੂੰ ਹੈ, ਪਰ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿੱਚ ਖ਼ੁਦ ਜਾਂਚ ਕਮੇਟੀ ਬਣਾ ਕੇ ਤਖ਼ਤ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਕਮੇਟੀ ਨੇ ਖੁਦ ਹੀ ਕਿਸੇ ਜਥੇਦਾਰ ਦੇ ਮਾਮਲੇ ਵਿਚ ਜਾਂਚ ਕਮੇਟੀ ਬਣਾਈ ਅਤੇ ਹੁਣ ਇਸਨੂੰ ਲੈ ਕੇ ਵਿਵਾਦ ਪੈਦਾ ਹੋਣ ਤੋਂ ਬਾਅਦ ਇਹ ਜਾਂਚ ਦਾ ਘੇਰਾ ਵਧਾਉਂਦੀ ਜਾ ਰਹੀ ਹੈ। ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਿੱਖ ਧਰਮ ਅਤੇ ਪੰਥਕ ਮਾਮਲਿਆਂ ਦੀ ਪਹਿਰੇਦਾਰ ਕਿਹਾ ਜਾਂਦਾ ਹੈ, ਪਰ ਪਿਛਲੇ ਕੁਝ ਸਮੇਂ ਤੋਂ ਇਸਨੇ ਬਾਦਲ ਪਰਿਵਾਰ ਦੀ ਰਾਖੀ ਅਤੇ ਪਾਲਣ ਪੋਸ਼ਣ ਕਰਨ ਨੂੰ ਲੈ ਕੇ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਹਰਜੀਤ ਸਿੰਘ ਗਰੇਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਉਸ ਬਿਆਨ ਦੀ ਹਮਾਇਤ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਜਾਂਚ ਕਮੇਟੀ ਦੇ ਗਠਨ ‘ਤੇ ਇਤਰਾਜ਼ ਜਤਾਇਆ ਸੀ ਅਤੇ ਕਿਹਾ ਕਿ ਜਥੇਦਾਰ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਬਾਦਲਾਂ ਦੇ ਹੱਥਾਂ ਵਿੱਚ ਖੇਡ ਰਹੀ ਹੈ, ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ਵੀ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਵਾਲੇ ਜਥੇਦਾਰਾਂ ਵਿੱਚ ਸ਼ਾਮਲ ਸਨ। ਉਹਨਾਂ ਦਾ ਕਹਿਣਾ ਹੈ ਕਿ ਕਿਤੇ ਨਾ ਕਿਤੇ ਸ਼੍ਰੋਮਨੀ ਕਮੇਟੀ ਉਸ ਕਾਰਵਾਈ ਨੂੰ ਲੈ ਕੇ ਵੀ ਜਥੇਦਾਰ ਦਮਦਮਾ ਸਾਹਿਬ ਨੂੰ ਨਿਸ਼ਾਨਾ ਬਣਾ ਰਹੀ ਹੈ।
ਹਿੰਦੂਸਥਾਨ ਸਮਾਚਾਰ