ਸ਼੍ਰੋਮਣੀ ਅਕਾਲੀ ਦਲ ਨੇ ਬੁੱਧਵਾਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ ਸ਼ੁੱਕਰਵਾਰ 10 ਜਨਵਰੀ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਏਗੀ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਮਾਮਲਿਆਂ ਬਾਰੇ ਫੈਸਲਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਉਨ੍ਹਾਂ ਨੂੰ ਪਾਰਟੀ ਦੀਆਂ ਜਥੇਬੰਦਕ ਚੋਣਾਂ ਕਰਵਾਉਣ ਦੇ ਰਾਹ ’ਚ ਕਾਨੂੰਨੀ ਰੁਕਾਵਟਾਂ ਬਾਰੇ ਜਾਣੂ ਕਰਵਾਇਆ। ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਵਫਦ ਨੇ ਜਥੇਦਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਸਾਰੇ ਪਾਰਟੀ ਆਗੂਆਂ ਨੇ ਅਕਾਲ ਤਖ਼ਤ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਸੁਣਾਈ ਧਾਰਮਿਕ ਸਜ਼ਾ ਦੀ ਪਾਲਣਾ ਕੀਤੀ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਵੀ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਹੈ।