Punjab News: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਬੀਤੇ ਦਿਨ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਬੰਧਕੀ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਅਤੇ ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਵੀ ਹਲਚਲ ਮਚਾ ਕੇ ਰੱਖ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਕਦਮ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦਾ ਪੰਜਾਬ ਦੀ ਸੱਤਾਧਾਰੀ ਧਿਰ ‘ਆਪ’, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜਦਕਿ ਭਾਜਪਾ ਨੇ ਹਾਲੇ ਤੱਕ ਇਸ ’ਤੇ ਚੁੱਪ ਵੱਟੀ ਹੋਈ ਹੈ।
ਇਸ ਤੋਂ ਅਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਿੱਚ ਮਨੋਨੀਤ ਕਰਨ ਦੇ ਫ਼ੈਸਲੇ ਦੀ ਨਿਖੇਧੀ ਕੀਤੀ। ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੇਂਦਰ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਕ ਤੋਂ ਇਕ ਤਬਦੀਲੀਆਂ ਕਰਕੇ ਚੰਡੀਗੜ੍ਹ ’ਤੇ ਪੰਜਾਬ ਵਿੱਚ ਆਪਣੇ ਅਧਿਕਾਰਾਂ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਗਾਉਣ ਵਾਲਾ ਹੈ। ਇਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਾਜ਼ਾ ਫੈਸਲਾ ਪੰਜਾਬ ਦੀ ‘ਆਪ’ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੇਂਦਰ ਨਾਲ ਰਲਗੱਢ ਹੋਣ ਦੇ ਫੈਸਲੇ ਦਾ ਨਤੀਜਾ ਹੈ।