ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀਆਂ ਕਹਾਣੀਆਂ ਨਾਲ ਵੀ ਜੁੜਿਆ ਹੋਇਆ ਹੈ। ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਡਾਕੂ ਜਾਂ ਅਕਬਰ ਦੇ ਰਾਜ ਵੇਲ੍ਹੇ ਦਾ ਬਾਗੀ ਸੀ, ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ। ਇਸ ਕਰਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦੋਂ ਦੁੱਲਾ-ਭੱਟੀ ਨੇ ਉਸ ਲੜਕੀ ਦਾ ਵਿਆਹ ਕੀਤਾ, ਤਾਂ ਉਸ ਨੇ ਉਸ ਦੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਉੱਤੇ ਸ਼ੱਕਰ ਪਾ ਦਿੱਤੀ ਸੀ।
ਇੱਕ ਹੋਰ ਕਥਾ ਅਨੁਸਾਰ-
ਸੁੰਦਰੀ-ਮੁੰਦਰੀ ਇੱਕ ਗਰੀਬ ਬ੍ਰਾਹਮਣ ਦੀਆਂ ਮੰਗੀਆਂ ਹੋਈਆਂ ਧੀਆਂ ਸਨ, ਗਰੀਬੀ ਕਾਰਨ ਵਿਆਹ ਵਿੱਚ ਦੇਰ ਹੋ ਰਹੀ ਸੀ। ਹਾਕਮ ਨੂੰ ਕੁੜੀਆਂ ਦੇ ਹੁਸਨ ਦਾ ਪਤਾ ਲੱਗ ਗਿਆ, ਤਾਂ ਉਸ ਨੇ ਇਨ੍ਹਾਂ ਨੂੰ ਜ਼ਬਰਦਸਤੀ ਚੁੱਕਣ ਦੀ ਧਾਰ ਲਈ ਲਈ। ਇਸ ਦੀ ਭਿਣਕ ਬ੍ਰਾਹਮਣ ਨੂੰ ਵੀ ਪੈ ਗਈ।
ਤਾਂ ਇਸ ਦਿਨ ਤੋਂ ਹੋਈ ਸੀ ਲੋਹੜੀ ਦੀ ਸ਼ੁਰੂਆਤ …
ਕੁੜੀਆਂ ਦਾ ਜਲਦੀ ਵਿਆਹ ਕਰਨ ਲਈ ਬ੍ਰਾਹਮਣ ਨੇ ਜੰਗਲ ਵਿੱਚ ਦੁੱਲੇ ਨਾਲ ਸੰਪਰਕ ਕੀਤਾ ਅਤੇ ਦੁੱਲੇ ਨੇ ਵਿਆਹ ਦੀ ਜਿੰਮੇਵਾਰੀ ਲੈ ਲਈ। ਸੁਖਦੇਵ ਮਾਦਪੁਰੀ ਦੇ ਸ਼ਬਦਾਂ ਵਿੱਚ,”ਕੁੜੀਆਂ ਦੇ ਸਹੁਰਿਆਂ ਨੇ ਹਾਕਮ ਤੋਂ ਡਰਦਿਆਂ ਕਿਹਾ ਕਿ ਉਹ ਰਾਤ ਸਮੇਂ ਹੀ ਵਿਆਹੁਣ ਆਉਣਗੇ। ਪਿੰਡ ਤੋਂ ਬਾਹਰ ਜੰਗਲ ਵਿੱਚ ਵਿਆਹ ਰਚਾਉਣ ਦਾ ਪ੍ਰਬੰਧ ਕੀਤਾ ਗਿਆ। ਰੌਸ਼ਨੀ ਲਈ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਬਾਲੀ ਗਈ। ਦੁੱਲੇ ਨੇ ਆਲੇ-ਦੁਆਲੇ ਦੇ ਪਿੰਡਾਂ ਤੋਂ ਦਾਨ ਇਕੱਠਾ ਕੀਤਾ। ਪਿੰਡ ਵਿੱਚ ਜਿਨ੍ਹਾਂ ਦੇ ਘਰ ਨਵੇਂ ਵਿਆਹ ਹੋਏ ਸਨ ਜਾਂ ਜਿਨ੍ਹਾਂ ਦੇ ਬਾਲ ਜਨਮੇ ਸਨ ਉਨ੍ਹਾਂ ਨੇ ਵੀ ਸੁੰਦਰ-ਮੁੰਦਰੀ ਦੇ ਵਿਆਹ ’ਤੇ ਆਪਣੇ ਵੱਲੋਂ ਕੁਝ ਨਾ ਕੁਝ ਗੁੜ-ਸ਼ੱਕਰ ਤੇ ਦਾਣੇ ਆਦਿ ਦੇ ਰੂਪ ਵਿੱਚ ਦਾਨ ਦਿੱਤਾ। ਦੁੱਲੇ ਕੋਲ ਕੰਨਿਆ-ਦਾਨ ਦੇਣ ਲਈ ਸ਼ੱਕਰ ਦੀ ਹੀ ਸੀ। ਕੁੜੀਆਂ ਦਾ ਡੋਲਾ ਤੁਰ ਗਿਆ ਤੇ ਗ਼ਰੀਬ ਬ੍ਰਾਹਮਣ ਨੇ ਦੁੱਲੇ ਦਾ ਲੱਖ-ਲੱਖ ਸ਼ੁਕਰ ਕੀਤਾ। ਕਿਹਾ ਜਾਂਦਾ ਹੈ ਕਿ ਉਦੋਂ ਤੋਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ। ਇਸ ਕਰਕੇ ਲੋਹੜੀ ਵਾਲੇ ਦਿਨ ਦੁੱਲੇ ਨੂੰ ਜ਼ਰੂਰ ਯਾਦ ਕੀਤਾ ਜਾਂਦਾ ਹੈ। ਬੱਚੇ ਜਦੋਂ ਵੀ ਲੋਹੜੀ ਮੰਗਣ ਦੂਜਿਆਂ ਦੇ ਘਰਾਂ ’ਚ ਜਾਂਦੇ ਹਨ, ਤਾਂ ਉਹ ਇਹ ਗੀਤ ਗਾਉਂਦੇ ਹੋਏ ਨਜ਼ਰ ਆਉਂਦੇ ਹਨ।
ਸੁੰਦਰ ਮੁੰਦਰੀਏ ਹੋ!
ਤੇਰਾ ਕੌਣ ਵਿਚਾਰ ਹੋ!
ਦੁੱਲਾ ਭੱਟੀ ਵਾਲਾ ਹੋ!
ਦੁੱਲੇ ਧੀ ਵਿਆਹੀ ਹੋ!
ਸੇਰ ਸੱਕਰ ਪਾਈ ਹੋ!
ਕੁੜੀ ਦਾ ਲਾਲ ਪਤਾਕਾ ਹੋ!
ਕੁੜੀ ਦਾ ਸਾਲੂ ਪਾਟਾ ਹੋ!
ਸਾਲੂ ਕੌਣ ਸਮੇਟੇ!
ਚਾਚਾ ਗਾਲ਼ੀ ਦੇਸੇ!
ਚਾਚੇ ਚੂਰੀ ਕੁੱਟੀ!
ਜ਼ਿੰਮੀਦਾਰਾਂ ਲੁੱਟੀ!
ਜ਼ਿੰਮੀਦਾਰ ਸੁਧਾਏ!
ਗਿਣ ਗਿਣ ਪੌਲੇ ਲਾਏ!
ਇੱਕ ਭੋਲ਼ਾ ਰਹਿ ਗਿਆ!
ਸਿਪਾਹੀ ਫੜ ਕੇ ਲੈ ਗਿਆ!
ਸਿਪਾਹੀ ਨੇ ਮਾਰੀ ਇੱਟ!
ਭਾਵੇਂ ਰੋ ‘ਤੇ ਭਾਵੇਂ ਪਿੱਟ!
ਸਾਨੂੰ ਦੇ ਦੇ ਲੋਹੜੀ,
‘ਤੇ ਤੇਰੀ ਜੀਵੇ ਜੋੜੀ!
ਇੰਨਾ ਹੀ ਨਹੀਂ ਦੁੱਲੇ ਦੀ ਬਹਾਦਰੀ ਸਬੰਧੀ ਤੁੱਕਾ ਵੀ ਗਾਈਆਂ ਜਾਂਦੀਆਂ ਹਨ, ਜੋ ਕਿ ਕੁਜ ਤਰ੍ਹਾਂ ਹਨ-
ਮੇਰੇ ਹੇਠ ਬੱਕੀ ਲਾਖੀ,
ਜਿਹੜੀ ਟੁਰਦੀ ਸੁੰਬ ਟਕੋਰ।
ਮੈਂ ਪੁੱਤ ਹਾਂ ਬੱਗੇ ਸ਼ੇਰ ਦਾ, ਮੇਰੀ ਸ਼ੇਰਾਂ ਵਰਗੀ ਤੋਰ।
ਜੰਮਣਾ ਤੇ ਮਰ ਜਾਵਣਾ, ਉੱਡਣਾ ਪਿੰਜਰੇ ਵਿਚੋਂ ਭੌਰ।