ਐੱਸ ਏ ਐੱਸ ਨਗਰ, 14 ਜਨਵਰੀ (ਹਿੰ. ਸ.)। ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਖੇ ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੌੋਜਨ ਕਰਵਾਇਆ ਗਿਆ । ਇਸ ਦਿਨ ਉਨਾਂ ਦੀ ਯਾਦ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਸੁਖਵਿੰਦਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਮੁਕਤਸਰ ਦੀ ਜੰਗ ਵਿੱਚ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 40 ਸਿੰਘਾਂ ਨੂੰ ਸ਼ਹੀਦੀ ਪ੍ਰਾਪਤ ਕਰਨ ਉਪਰੰਤ ਮੁਕਤਿਆਂ ਦਾ ਖਿਤਾਬ ਦੇਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾ ਰਾਹੀਂ ਮਾਈ ਭਾਗੋ ਦੇ ਅਣਮੁੱਲੇ ਯੋਗਦਾਨ ਨੂੰ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਜਦੋਂ 40 ਸਿੰਘ ਗੁਰੂ ਜੀ ਨੂੰ ਬੇਦਾਵਾ ਲਿਖ ਕੇ ਦੇ ਆਏ ਤਾਂ ਮਾਈ ਭਾਗੋ ਨੇ ਹੀ ਉਨ੍ਹਾਂ ਨੂੰ ਅਜਿਹਾ ਪ੍ਰੇਰਿਆ ਕਿ ਇਹ ਮੁਕਤਸਰ ਦੀ ਜੰਗ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਈ। ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਆਉਣ ਵਾਲੀ ਮਿਤੀ 26 ਜਨਵਰੀ ਨੂੰ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ ਮਹਾਰਾਜ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਉੱਚ ਕੋਟੀ ਦੇ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ।
ਹਿੰਦੂਸਥਾਨ ਸਮਾਚਾਰ