Beant Singh Bomb Blast: 29 ਸਾਲਾਂ ਤੋਂ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਮੁਆਫ਼ੀ ਦੀ ਅਪੀਲ ਕੀਤੀ ਹੈ। ਗੌਰਤਲਬ ਹੈ ਕਿ ਸੁਪਰੀਮ ਕੋਰਟ ਵਿੱਚ 18 ਮਾਰਚ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ‘ਤੇ ਸੁਣਵਾਈ ਹੋਣੀ ਹੈ। ਰਾਜੋਆਣਾ ਨੇ ਬੇਲੋੜੀ ਦੇਰੀ ਦੇ ਆਧਾਰ ‘ਤੇ ਆਪਣੀ ਮੌਤ ਦੀ ਸਜ਼ਾ ਮੁਆਫ਼ੀ ਦੀ ਅਪੀਲ ਕੀਤੀ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਭਾਰਤ ਸਰਕਾਰ ਨੇ ਉਸਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਵਿੱਚ ਬਹੁਤ ਸਮਾਂ ਲਿਆ ਹੈ। ਉਹ ਲਗਭਗ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ।
ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਦਾ ਮਾਮਲਾ ਚੀਫ ਜਸਟਿਸ ਐਸ.ਏ. ਬੋਬੜੇ ਦੇ ਕਾਰਜਕਾਲ ਤੋਂ ਹੀ ਪੈਂਡਿੰਗ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ 15 ਸਾਲਾਂ ਤੋਂ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ ਤੇ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਨ੍ਹਾਂ ਦਲੀਲ ਦਿੱਤੀ ਕਿ ਉਸਨੂੰ ਹੁਣ ਰਿਹਾਅ ਕਰ ਦੇਣਾ ਚਾਹੀਦਾ ਹੈ।
ਜਸਟਿਸ ਬੀ.ਆਰ. ਗਵਈ – ਜਾਂ ਤਾਂ ਤੁਸੀਂ ਫੈਸਲਾ ਕਰੋ, ਨਹੀਂ ਤਾਂ ਅਸੀਂ ਮਾਮਲੇ ਦੀ ਸੁਣਵਾਈ ਮੈਰਿਟ ਦੇ ਆਧਾਰ ‘ਤੇ ਕਰਾਂਗੇ ਪਰ ਹਰ ਮਾਮਲਾ ਇੱਕੋ ਜਿਹਾ ਨਹੀਂ ਹੁੰਦਾ। ਉਮਰ ਕੈਦ ਦਾ ਵਿਕਲਪ ਵੀ ਹੈ। ਇਸ ਦੇ ਜਵਾਬ ਵਿੱਚ ਵਕੀਲ ਨੇ ਕਿਹਾ ਕਿ ਭੁੱਲਰ ਮਾਮਲੇ ਵਿੱਚ, ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਕਿ ਅਸੀਂ ਇਸ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਕਰਾਂਗੇ। ਜੇਕਰ ਉਦੋਂ ਤੱਕ ਕੋਈ ਫੈਸਲਾ ਲਿਆ ਜਾ ਸਕਦਾ ਹੈ, ਤਾਂ ਇਹ ਚੰਗਾ ਹੋਵੇਗਾ।
ਜਸਟਿਸ ਬੀ.ਆਰ. ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। 18 ਨਵੰਬਰ ਨੂੰ ਅਦਾਲਤ ਨੇ ਬੇਨਤੀ ਕੀਤੀ ਸੀ ਕਿ ਰਾਸ਼ਟਰਪਤੀ ਕੋਲ ਲੰਬਿਤ ਰਹਿਮ ਪਟੀਸ਼ਨ ‘ਤੇ ਦੋ ਹਫ਼ਤਿਆਂ ਦੇ ਅੰਦਰ ਫੈਸਲਾ ਕੀਤਾ ਜਾਵੇ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇ ਰਹਿਮ ਪਟੀਸ਼ਨ ‘ਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਵਿਚਾਰ ਨਹੀਂ ਕੀਤਾ ਜਾਂਦਾ ਹੈ, ਤਾਂ ਉਹ ਅੰਤਰਿਮ ਰਾਹਤ ਦੇਣ ਲਈ ਪਟੀਸ਼ਨ ‘ਤੇ ਵਿਚਾਰ ਕਰੇਗੀ।