Chandigarh News: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਇਹ ਨਵੀਂ ਤਰੀਕ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਤੋਂ ਬਾਅਦ ਆਈ ਹੈ, ਜਿਸ ਵਿੱਚ ਪਹਿਲਾਂ ਨਿਰਧਾਰਤ 24 ਜਨਵਰੀ ਦੀ ਤਰੀਕ ਨੂੰ ਰੱਦ ਕਰ ਦਿੱਤਾ ਗਿਆ ਸੀ। ਜਸਟਿਸ ਸੁਰੇਸ਼ ਠਾਕੁਰ ਅਤੇ ਵਿਕਾਸ ਸੂਰੀ ਦੀ ਹਾਈ ਕੋਰਟ ਬੈਂਚ ਨੇ ਸਥਾਨਕ ਪ੍ਰਸ਼ਾਸਨ ਨੂੰ 29 ਜਨਵਰੀ ਤੋਂ ਬਾਅਦ ਮੇਅਰ ਚੋਣ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕਰਨ ਦਾ ਨਿਰਦੇਸ਼ ਦਿੱਤਾ।
ਡਿਪਟੀ ਕਮਿਸ਼ਨਰ (ਡੀ.ਸੀ.) ਨਿਸ਼ਾਂਤ ਯਾਦਵ ਨੇ ਇਸ ਬਦਲਾਅ ਸੰਬੰਧੀ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨਵੀਂ ਨੋਟੀਫਿਕੇਸ਼ਨ ਦੇ ਅਨੁਸਾਰ, ਹੁਣ ਨਾਮਜ਼ਦਗੀ ਪ੍ਰਕਿਰਿਆ ਦੁਬਾਰਾ ਸ਼ੁਰੂ ਹੋਵੇਗੀ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਅਜੇ ਤੱਕ ਆਪਣੇ ਮੇਅਰ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
‘ਆਪ’ ਮੇਅਰ ਦੀ ਪਟੀਸ਼ਨ ‘ਤੇ ਅਦਾਲਤ ਦਾ ਫੈਸਲਾ
ਹਾਈ ਕੋਰਟ ਦਾ ਇਹ ਨਿਰਦੇਸ਼ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਚੰਡੀਗੜ੍ਹ ਦੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਢਲੋਰ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਆਇਆ ਹੈ। ਧਲੋਰ ਨੇ ਮੰਗ ਕੀਤੀ ਸੀ ਕਿ ਮੇਅਰ ਦੀਆਂ ਚੋਣਾਂ ਫਰਵਰੀ ਵਿੱਚ ਕਰਵਾਈਆਂ ਜਾਣ ਤਾਂ ਜੋ ਉਹ ਆਪਣਾ ਇੱਕ ਸਾਲ ਦਾ ਕਾਰਜਕਾਲ ਪੂਰਾ ਕਰ ਸਕਣ। ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ ਲਈ ਕੁਝ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ, ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਵੋਟਿੰਗ ਪ੍ਰਕਿਰਿਆ ਗੁਪਤ ਵੋਟਿੰਗ ਦੀ ਬਜਾਏ ਹੱਥ ਉਠਾ ਕੇ ਕਰਵਾਈ ਜਾਵੇ।
ਵੋਟ ਨਾਲ ਛੇੜਛਾੜ ਦੇ ਦੋਸ਼ਾਂ ਤੋਂ ਬਾਅਦ ਵਿਵਾਦ ਸ਼ੁਰੂ ਹੋਇਆ ਸੀ।
ਧਲੋਰ ਦੇ ਵਕੀਲ, ਫੈਰੀ ਸੋਫਤ ਨੇ ਕਿਹਾ ਕਿ ਕਿਉਂਕਿ ਚੋਣਾਂ 24 ਜਨਵਰੀ ਨੂੰ ਹੋਈਆਂ ਸਨ, ਓਦੋਂ ਤੱਕ ਉਨ੍ਹਾਂ ਦੇ ਕਾਰਜਕਾਲ ਨੂੰ ਇੱਕ ਸਾਲ ਪੂਰਾ ਨਹੀਂ ਸੀ ਹੋਣਾ। ਕਿਉਂਕੀ ਫਰਵਰੀ ਵਿੱਚ ਕਾਰਜਕਾਲ ਪੂਰਾ ਹੋਣਾ ਹੈ। ਪਿਛਲੇ ਸਾਲ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ, ਜਨਵਰੀ 2024 ਵਿੱਚ ਹੋਈ ਚੋਣ ਦੇ ਨਤੀਜੇ ਨੂੰ ਰੱਦ ਕਰਦੇ ਹੋਏ, ਭਾਜਪਾ ਉਮੀਦਵਾਰ ਦੀ ਜਿੱਤ ਨੂੰ ਰੱਦ ਕਰਦੇ ਹੋਏ, ਧਲੋਰ ਨੂੰ 20 ਫਰਵਰੀ ਨੂੰ ਮੇਅਰ ਨਿਯੁਕਤ ਕੀਤਾ ਗਿਆ ਸੀ। ਉਦੋਂ ਦੇ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ‘ਤੇ ਮੇਅਰ ਚੋਣਾਂ ਵਿੱਚ ਵੋਟਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਿਆ ਸੀ।
ਹਾਈ ਕੋਰਟ ਦੇ ਫੈਸਲੇ ਤੋਂ ਬਾਅਦ, ਚੰਡੀਗੜ੍ਹ ਪ੍ਰਸ਼ਾਸਨ ਨੇ 7 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ 24 ਜਨਵਰੀ ਨੂੰ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20 ਜਨਵਰੀ ਸੀ। ਹੁਣ ਨਵੀਂ ਨੋਟੀਫਿਕੇਸ਼ਨ ਅਨੁਸਾਰ ਚੋਣ ਪ੍ਰਕਿਰਿਆ ਦੁਬਾਰਾ ਸ਼ੁਰੂ ਕੀਤੀ ਜਾਵੇਗੀ।