ਪੰਜਾਬ ਦੀਆਂ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਲਈ ਚੋਣ ਕਮਿਸ਼ਨ ਨੇ ਸੂਚੀ ਤਿਆਰ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਚੋਣ ਅਧਿਕਾਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਸਬੰਧਤ ਈਆਰਓ 24 ਜਨਵਰੀ ਤੱਕ ਵੋਟਰ ਸੂਚੀਆਂ ਦਾ ਖਰੜਾ ਤਿਆਰ ਕਰ ਲੈਣਗੇ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਵੋਟਰ ਸੂਚੀਆਂ 25 ਜਨਵਰੀ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਜੇਕਰ ਕਿਸੇ ਨੂੰ ਕੋਈ ਦਾਅਵਾ ਜਾਂ ਇਤਰਾਜ਼ ਹੈ, ਤਾਂ ਉਹ ਇਸ ਸਬੰਧੀ ਜਾਣਕਾਰੀ 27 ਜਨਵਰੀ ਤੋਂ 3 ਫਰਵਰੀ ਤੱਕ ਦੇ ਸਕਦੇ ਹਨ । ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 11 ਫਰਵਰੀ ਤੱਕ ਕੀਤਾ ਜਾਵੇਗਾ, ਜਦੋਂ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨ 14 ਫਰਵਰੀ ਨੂੰ ਕੀਤੀ ਜਾਵੇਗੀ। ਇਸ ਸਬੰਧੀ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਵੋਟਰ ਸੂਚੀ ਵਿੱਚ ਆਪਣੇ ਨਾਂ ਸ਼ਾਮਲ ਕਰਨ ਲਈ ਅਰਜ਼ੀ ਦੇ ਸਕਦੇ ਹਨ ਅਤੇ ਉਕਤ ਸ਼ਡਿਊਲ ਅਨੁਸਾਰ ਆਪਣੇ ਦਾਅਵੇ ਜਮ੍ਹਾਂ ਕਰਵਾ ਸਕਦੇ ਹਨ।