ਚੰਡੀਗੜ੍ਹ, 25 ਜਨਵਰੀ (ਹਿੰ. ਸ.)। ਪੰਜਾਬ ਵਿੱਚ ਅੱਜ ਇੱਕ ਵਾਰ ਫਿਰ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 72 ਘੰਟਿਆਂ ਵਿੱਚ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਉਣ ਦਾ ਅਨੁਮਾਨ ਹੈ ਪਰ ਇਸ ਤੋਂ ਬਾਅਦ ਮੌਸਮ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਵਿੱਚ ਇਸ ਵੇਲੇ ਕੋਈ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੈ। ਬੀਤੇ ਦਿਨ ਫਰੀਦਕੋਟ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਜਲੰਧਰ, ਕਪੂਰਥਲਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਅਤੇ ਫ਼ਾਜ਼ਿਲਕਾ ਵਿੱਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਹ ਅਲਰਟ ਐਤਵਾਰ ਨੂੰ ਵੀ ਜਾਰੀ ਰਹੇਗਾ। ਪਰ ਇਸ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ।
ਪੰਜਾਬ ਵਿੱਚ 29 ਜਨਵਰੀ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਪੱਛਮੀ ਗੜਬੜੀ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿੱਚ ਦੇਖਣ ਨੂੰ ਮਿਲੇਗਾ।ਪਹਾੜੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਰਫਬਾਰੀ ਦੀ ਵੀ ਸੰਭਾਵਨਾ ਹੈ। ਜੇਕਰ ਪਹਾੜਾਂ ‘ਚ ਠੰਡ ਵਧਦੀ ਹੈ ਤਾਂ ਉਥੋਂ ਮੈਦਾਨੀ ਇਲਾਕਿਆਂ ਵੱਲ ਆਉਣ ਵਾਲੀਆਂ ਹਵਾਵਾਂ ਕਾਰਨ ਪੰਜਾਬ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ।
ਹਿੰਦੂਸਥਾਨ ਸਮਾਚਾਰ