ਜੇਕਰ ਕੋਈ ਵਿਦਿਆਰਥੀ ਸਕੂਲ ‘ਚ ਦੇਰ ਨਾਲ ਆਉਂਦਾ ਹੈ ਤਾਂ ਉਸ ਨੂੰ ਜੁਰਮਾਨਾ ਲਗਾ ਕੇ ਜਾਂ ਉਸ ਨੂੰ ਸਮਝ ਬੁਝਾ ਕੇ ਉਸ ਨੂੰ ਸਕੂਲ ਸਮੇਂ ਸਿਰ ਆਉਣ ਦੀ ਚੇਤਾਵਨੀ ਦਿੱਤੀ ਜਾਂਦੀ ਹੈ। ਪਰ ਜੇਕਰ ਵਿਦਿਆਰਥੀ ਨਾਲ ਗਲਤ ਵਤੀਰਾ ਕਰਕੇ ਸਜ਼ਾ ਦਿੱਤੀ ਜਾਵੇ ਤਾਂ ਬੇਹੱਦ ਗਲਤ ਗੱਲ ਹੋਵੇਗੀ।
ਤਾਜ਼ਾ ਮਾਮਲਾ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਸਕੂਲ ‘ਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ , ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।